-ਅਗਾਂਹਵਧੂ ਕਿਸਾਨਾਂ ਨੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਝੋਨੇ ਦੀ ਪਰਾਲੀ ਨਾ ਸਾੜਨ ਦਾ ਲਿਆ ਪ੍ਰਣ.
--ਪ੍ਰਸ਼ਾਸਨ ਦੀ ਮੁਹਿੰਮ ਨਾਲ ਜੁੜ ਕੇ ਹੋਰਨਾਂ ਕਿਸਾਨਾਂ ਵਿੱਚ ਵੀ ਜਾਗਰੂਕਤਾ ਫੈਲਾਉਣ ਦਾ ਲਿਆ ਸੰਕਲਪ
--ਪਰਾਲੀ ਨੂੰ ਅੱਗ ਲਾਉਣ ਦੇ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਸਹੁੰ ਚੁੱਕ ਸਮਾਗਮਾਂ ਦੀ ਸ਼ੁਰੂਆਤ
ਲੁਧਿਆਣਾ, 8 ਨਵੰਬਰ (ਵਰਮਾ) - ਪਰਾਲੀ ਸਾੜਨ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂu ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਸਹੁੰ ਚੁੱਕ ਸਮਾਗਮ ਸ਼ੁਰੂ ਕਰ ਦਿੱਤੇ ਗਏ ਹਨ।
ਇਸ ਮੁਹਿੰਮ ਤਹਿਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਸਮਾਗਮ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤਾਂ ਨੂੰ ਅੱਗ ਨਾ ਲਾਉਣ ਦਾ ਪ੍ਰਣ ਲਿਆ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਉਹ ਪਰਾਲੀ ਨਾ ਸਾੜਨ ਦੀ ਅਪੀਲ ਦੇ ਨਾਲ ਹੋਰਨਾਂ ਕਿਸਾਨਾਂ ਤੱਕ ਪਹੁੰਚ ਕਰਨਗੇ ਕਿਉਕਿ ਇਸ ਨਾਲ ਕਈ ਜਿਥੇ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ|
ਇਸ ਸਮਾਗਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਇਸ ਪ੍ਰਥਾ ਵਿਰੁੱਧ ਮਤੇ ਪਾਸ ਕਰਨ ਦਾ ਅਹਿਦ ਲਿਆ। ਪੰਚਾਇਤਾਂ ਨੇ ਐਲਾਨ ਕੀਤਾ ਕਿ ਪਰਾਲੀ ਸਾੜਨ ਵਿਰੁੱਧ ਪੰਚਾਇਤ ਪੱਧਰ 'ਤੇ ਮਤੇ ਪਾਸ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਇਸ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।
ਇਸ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਸਹਿਕਾਰੀ ਸਭਾਵਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਬਿਨਾਂ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਲਈ ਪਹਿਲਾਂ ਹੀ ਲੋੜੀਂਦੀ ਮਾਤਰਾ ਵਿੱਚ ਮਸ਼ੀਨਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਨਾਲ ਵਾਤਾਵਰਨ ਨੂੰ ਬਚਾਇਆ ਜਾ ਸਕੇ|