ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ .

 

*- ਕਣਕ ਦੇ ਢੇਰਾਂ ਨੂੰ ਢੱਕਣ ਲਈ ਸਾਰੇ ਖਰੀਦ ਕੇਂਦਰਾਂ 'ਤੇ ਤਰਪਾਲਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ*

ਲੁਧਿਆਣਾ, 14 ਅਪ੍ਰੈਲ (ਕੁਨਾਲ ਜੇਤਲੀ) - ਕਿਸਾਨਾਂ ਦੀ ਪੁੱਤਾਂ ਵਾਂਗ ਵਾਲੀ ਪਾਲ੍ਹੀ ਫਸਲ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕਿਸਾਨਾਂ ਵੱਲੋਂ ਲਿਆਂਦੀਆਂ ਫ਼ਸਲਾਂ ਦੇ ਢੇਰਾਂ ਨੂੰ ਢੱਕਣ ਲਈ ਦਾਣਾ ਮੰਡੀਆਂ ਵਿੱਚ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਗਿਆ ਹੈ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤ ਦੀ ਭਵਿੱਖਬਾਣੀ ਕਾਰਨ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਤੋਂ ਪਹਿਲਾਂ ਅਨਾਜ ਮੰਡੀਆਂ ਵਿੱਚ ਤਰਪਾਲਾਂ ਦੀ ਲੋੜੀਂਦੀ ਉਪਲਬਧਤਾ ਕਰਵਾਈ ਗਈ ਸੀ ਅਤੇ ਮੰਡੀ ਬੋਰਡ ਅਤੇ ਏਜੰਸੀਆਂ ਦੇ ਸਟਾਫ਼ ਨੇ ਕਣਕ ਦੇ ਸਾਰੇ ਢੇਰਾਂ ਨੂੰ ਢੱਕ ਲਿਆ ਸੀ ਅਤੇ ਕਿਸੇ ਵੀ ਕਿਸਮ ਦੇ ਨੁਕਸਾਨ ਤੋਂ ਬਚਣ ਲਈ ਬਾਰਦਾਨੇ ਦੇ ਅਗਾਊਂ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਮੁੱਚੇ ਸਟਾਫ਼ ਦੀਆਂ ਡਿਊਟੀਆਂ ਪਹਿਲਾਂ ਹੀ ਤੈਅ ਕਰ ਦਿੱਤੀਆਂ ਗਈਆਂ ਹਨ।


ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਸੀਜਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਿਸਦੇ ਤਹਿਤ ਫਸਲਾਂ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ।