ਪੁਲਿਸ ਲਾਈਨਜ਼ ਵਿਖੇ ਵਿਸ਼ਾਲ ਵੋਟਰ ਜਾਗਰੂਕਤਾ ਮੁਹਿੰਮ ਦਾ ਆਯੋਜਨ.

 

*- ਅਧਿਕਾਰੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣ ਦੀ ਵੀ ਕੀਤੀ ਅਪੀਲ*

ਲੁਧਿਆਣਾ, 2 ਮਈ (ਕੁਨਾਲ ਜੇਤਲੀ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਦਿਆਂ ਵੀਰਵਾਰ ਨੂੰ ਪੁਲਿਸ ਲਾਈਨਜ਼ ਵਿਖੇ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ।


ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਦਸਤਖਤ ਮੁਹਿੰਮ ਸਮੇਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਮ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕਰਨ ਲਈ ਸਹੁੰ ਵੀ ਚੁਕਾਈ ਗਈ।


ਪੁਲਿਸ ਲਾਈਨ ਦੇ ਰਿਹਾਇਸ਼ੀ ਕੁਆਟਰਾਂ ਵਿੱਚ ਵੀ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।


ਪਹਿਲੀ ਵਾਰ ਵੋਟਰਾਂ ਦੇ ਨਾਮ ਰਜਿਸਟਰ ਕਰਵਾਉਣ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ। ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।


ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।


ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਪ੍ਰਤੀਸ਼ਤ (ਇਸ ਵਾਰ, 70 ਪਾਰ) ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।


ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਭੈਅ ਅਤੇ ਬਗੈਰ ਕਿਸੇ ਦੇ ਪ੍ਰਭਾਵ ਹੇਠ ਆ ਕੇ ਪਾਉਣੀ ਚਾਹੀਦੀ ਹੈ।


ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।