ਡਿਪਟੀ ਕਮਿਸ਼ਨਰ ਦਫ਼ਤਰ 'ਚ ਸ਼ੁਰੂ ਹੋਈ ਸੀ.ਐਮ. ਵਿੰਡੋ.
#ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਦਾ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਯਕੀਨੀ ਬਣਾਉਣਾ ਹੈ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ#
ਲੁਧਿਆਣਾ, 8 ਜੁਲਾਈ (ਇੰਦਰਜੀਤ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਿਕਾਇਤਾਂ ਦਾ ਸੁਚੱਜੇ ਅਤੇ ਆਰਾਮਦਾਇਕ ਢੰਗ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸੀ.ਐਮ. ਵਿੰਡੋ ਸਥਾਪਤ ਕੀਤੀ ਗਈ ਹੈ।
ਮੁੱਖ ਮੰਤਰੀ ਵਿੰਡੋ ਸਿਸਟਮ ਨਾਲ, ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦੁਆਰਾ ਪਾਈਆਂ ਗਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਸਾਰੀਆਂ ਸ਼ਿਕਾਇਤਾਂ ਦਾ ਆਨਲਾਈਨ ਨਿਪਟਾਰਾ ਕੀਤਾ ਜਾਵੇਗਾ।
ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਲੈ ਕੇ ਸੀ.ਐਮ. ਵਿੰਡੋ 'ਤੇ ਸੰਪਰਕ ਕਰੇਗਾ, ਸੀ.ਐਮ. ਵਿੰਡੋ ਪੋਰਟਲ ਵਿੱਚ ਸ਼ਿਕਾਇਤ ਦਰਜ ਕਰਨ ਤੋਂ ਬਾਅਦ, ਇਸ ਨੂੰ ਸਬੰਧਤ ਵਿਭਾਗ/ਨੋਡਲ ਅਫਸਰ ਨੂੰ ਭੇਜ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੂੰ ਉਸ ਦੀ ਸਮੱਸਿਆ ਬਾਰੇ ਮੋਬਾਈਲ ਨੰਬਰ 'ਤੇ ਇੱਕ ਮੈਸਜ ਪ੍ਰਾਪਤ ਹੋਵੇਗਾ। ਸਬੰਧਤ ਵਿਭਾਗ ਦਾ ਨੋਡਲ ਅਫ਼ਸਰ ਇਸ ਸਮੱਸਿਆ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਏਗਾ।
ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦੇ ਸਾਰੇ ਨੋਡਲ ਅਫ਼ਸਰਾਂ ਨੂੰ ਇੱਕ ਸਾਂਝੇ ਪਲੇਟਫਾਰਮ 'ਤੇ ਲਿਆਂਦਾ ਜਾਵੇਗਾ। ਪਲੇਟਫਾਰਮ ਜਾਣਕਾਰੀ ਦੇ ਆਦਾਨ-ਪ੍ਰਦਾਨ ਵਿੱਚ ਵੀ ਮਦਦ ਕਰੇਗਾ ਜਿਸ ਦੇ ਨਤੀਜੇ ਵਜੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਸ਼ਿਕਾਇਤ ਦੀ ਨਿਗਰਾਨੀ ਕਰਨ ਲਈ ਇੱਕ ਵਿਧੀ ਵਿਕਸਤ ਕੀਤੀ ਗਈ ਹੈ ਜਿਸ ਰਾਹੀਂ ਸਹੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਗਿਆ ਹੈ।
ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਆਈ.ਏ.ਐਸ. ਮੁੱਖ ਮੰਤਰੀ ਵਿੰਡੋ ਲਈ ਨੋਡਲ ਅਫਸਰ ਹੋਣਗੇ।