*ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਲੁਧਿਆਣਾ ਉੱਤਰੀ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਡਿਸਪੋਜ਼ਲ ਪੁਆਇੰਟਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਓਣ ਦੇ ਦਿੱਤੇ ਨਿਰਦੇਸ਼.
*ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਨਿਰੀਖਣ ਕਰਨ ਅਤੇ ਜੇਕਰ ਕੋਈ ਗੜਬੜੀ ਪਾਈ ਜਾਂਦੀ ਹੈ ਤਾਂ ਠੇਕੇਦਾਰਾਂ ਵਿਰੁੱਧ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼*
ਲੁਧਿਆਣਾ, 20 ਅਗਸਤ।(ਇੰਦਰਜੀਤ) - ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਬਰਸਾਤ ਦੇ ਦਿਨਾਂ ਵਿੱਚ ਬਰਸਾਤੀ ਪਾਣੀ ਦੀ ਸਮੇਂ ਸਿਰ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਮੰਗਲਵਾਰ ਨੂੰ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਨਗਰ ਨਿਗਮ ਜ਼ੋਨ ਏ ਦਫ਼ਤਰ ਵਿਖੇ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਵਿਕਾਸ ਪ੍ਰੋਜੈਕਟਾਂ ਦੇ ਟੈਂਡਰਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਚੱਲ ਰਹੇ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ।
ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਨਿਰੀਖਣ ਕਰਨ ਅਤੇ ਜੇਕਰ ਕੋਈ ਗੜਬੜੀ ਪਾਈ ਜਾਂਦੀ ਹੈ ਤਾਂ ਠੇਕੇਦਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿੱਚ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਨੀਰਜ ਜੈਨ, ਨਿਗਰਾਨ ਇੰਜਨੀਅਰ ਸੰਜੇ ਕੰਵਰ, ਨਿਗਰਾਨ ਇੰਜਨੀਅਰ ਪਰਵੀਨ ਸਿੰਗਲਾ, ਸੀ.ਐਸ.ਓ ਅਸ਼ਵਨੀ ਸਹੋਤਾ, ਕਾਰਜਕਾਰੀ ਇੰਜਨੀਅਰ ਰਣਬੀਰ ਸਿੰਘ, ਕਾਰਜਕਾਰੀ ਇੰਜਨੀਅਰ ਸੰਜੀਵ ਕੁਮਾਰ, ਏ.ਟੀ.ਪੀ ਐਮ.ਐਸ ਬੇਦੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਤੋਂ ਇਲਾਵਾ ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਦਿਨਾਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸਮੇਂ ਸਿਰ ਕਰਨ ਲਈ ਸਫਾਈ ਅਤੇ ਡਿਸਪੋਜ਼ਲ ਪੁਆਇੰਟਾਂ ਦੇ ਕੰਮਕਾਜ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਇਹ ਯਕੀਨੀ ਬਣਾਉਣ ਕਿ ਹਲਕੇ ਦੇ ਨਾਲ-ਨਾਲ ਨਗਰ ਨਿਗਮ ਦਫ਼ਤਰਾਂ ਵਿੱਚ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਬੱਗਾ ਨੇ ਕਿਹਾ ਕਿ ਉਹ ਹਲਕੇ ਵਿੱਚ ਲਗਾਤਾਰ ਫੀਲਡ ਨਿਰੀਖਣ ਕਰ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
