ਸਰਕਾਰੀ ਪੁਨਰਵਾਸ ਅਤੇ ਨਸ਼ਾ ਛੁਡਾਊ ਕੇਂਦਰਾਂ 'ਚ ਹੋਰ ਸਟਾਫ਼ ਤਾਇਨਾਤ ਕੀਤਾ ਜਾਵੇਗਾ - ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ.
ਲੁਧਿਆਣਾ, 20 ਅਗਸਤ (ਇੰਦ੍ਰਜੀਤ) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਗਰਾਉਂ, ਲੁਧਿਆਣਾ ਅਤੇ ਸਮਰਾਲਾ ਵਿੱਚ ਸਰਕਾਰੀ ਤੌਰ 'ਤੇ ਚਲਾਏ ਜਾ ਰਹੇ ਪੁਨਰਵਾਸ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੋਰ ਸਟਾਫ਼ ਤਾਇਨਾਤ ਕੀਤਾ ਜਾਵੇਗਾ।
ਵੱਖ-ਵੱਖ ਵਿਭਾਗਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਸਟਾਫ਼ ਦੀ ਘਾਟ ਹੈ ਅਤੇ ਹੋਰ ਮੈਨਪਾਵਰ ਦੀ ਨਿਯੁਕਤੀ ਨਾਲ ਇਹ ਕੇਂਦਰ ਇੱਥੇ ਇਲਾਜ ਕਰਾਉਣ ਵਾਲੇ ਨਸ਼ੇ ਦੇ ਆਸ਼ਰਿਤ ਨੌਜਵਾਨਾਂ ਨੂੰ ਸਹੂਲਤਾਂ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਤਿੰਨੇ ਯੂਨਿਟ ਦਸ ਬਿਸਤਰਿਆਂ ਵਾਲੇ ਹਨ ਅਤੇ ਮੁੜ ਵਸੇਬਾ ਕੇਂਦਰ ਦੀ ਸਮਰੱਥਾ 50 ਬਿਸਤਰਿਆਂ ਦੀ ਹੈ।
ਮੇਜਰ ਸਰੀਨ ਨੇ ਇਹ ਵੀ ਦੱਸਿਆ ਕਿ ਮੁੜ ਵਸੇਬਾ ਕੇਂਦਰ ਵਿੱਚ ਵਿਅਕਤੀਆਂ ਨੂੰ ਹੁਣ ਵਧੇਰੇ ਪੌਸ਼ਟਿਕ ਖੁਰਾਕ ਮਿਲੇਗੀ ਅਤੇ ਇਸ ਉਦੇਸ਼ ਲਈ ਵਾਧੂ ਫੰਡ ਅਲਾਟ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਦਿਅਕ ਸੰਸਥਾਵਾਂ ਵਿੱਚ ਵਿਆਪਕ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਦੇਸ਼ ਦੇ ਵਿਕਾਸ ਵਿੱਚ ਨੌਜਵਾਨ ਪੀੜ੍ਹੀ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਮਾਜ ਵਿੱਚ ਚੌਕਸੀ ਵਧਾਉਣ ਦਾ ਸੱਦਾ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਬਾਰੇ ਵੀ ਚਾਨਣਾ ਪਾਇਆ।