ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਅਧਿਕਾਰੀਆਂ ਨੂੰ ਨਿਮਰਤਾ, ਇਮਾਨਦਾਰੀ ਤੇ ਪਾਰਦਰਸ਼ਤਾ ਕਾਇਮ ਰੱਖਣ ਲਈ ਕਿਹਾ .

*- ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ - ਮੁੰਡੀਆਂ*

ਲੁਧਿਆਣਾ, 16 ਅਕਤੂਬਰ (ਇੰਦਰਜੀਤ) - ਕੈਬਨਿਟ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਆਪਣੀ ਪਹਿਲੀ ਅਧਿਕਾਰਤ ਮੀਟਿੰਗ ਦੌਰਾਨ ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ/ਕਰਮਚਾਰੀਆਂ ਵਿੱਚ ਨਿਮਰਤਾ, ਸਬਰ, ਧਾਰਮਿਕਤਾ ਅਤੇ ਪਾਰਦਰਸ਼ਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪਾਰਦਰਸ਼ੀ ਅਤੇ ਨਿਮਰਤਾ ਨਾਲ ਆਮ ਲੋਕਾਂ ਦੇ ਮਸਲੇ ਅਤੇ ਸ਼ਿਕਾਇਤਾਂ ਸੁਣੀਆਂ ਜਾਣ।


ਕੈਬਨਿਟ ਮੰਤਰੀ ਮੁੰਡੀਆਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ 'ਆਪ' ਸਰਕਾਰ ਤੋਂ ਬਹੁਤ ਉਮੀਦਾਂ ਹਨ ਅਤੇ ਸਾਰਿਆਂ ਨੂੰ ਪੂਰਾ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਟੀਮ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਚੰਗੇ ਪ੍ਰਸ਼ਾਸਨ, ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕਰਨ ਅਤੇ ਭਲਾਈ ਤੇ ਵਿਕਾਸ ਸਕੀਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨਾਲ ਇਨਸਾਨੀਅਤ ਨਾਲ ਪੇਸ਼ ਆ ਕੇ ਲੋਕ ਸੇਵਾ ਵਿੱਚ ਨਵਾਂ ਮਾਪਦੰਡ ਸਥਾਪਤ ਕਰਨ ਲਈ ਕਿਹਾ।


ਕੈਬਨਿਟ ਮੰਤਰੀ ਨੇ ਸਾਰੇ ਵਿਧਾਇਕਾਂ, ਚੇਅਰਮੈਨਾਂ ਅਤੇ ਆਗੂਆਂ ਦੇ ਕਾਇਦੇ ਅਨੁਸਾਰ ਕੰਮਾਂ ਲਈ ਮਿਲਣ ਆਉਣ ਮੌਕੇ ਸਨਮਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।


ਬਾਅਦ ਵਿੱਚ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕ ਨਿਰਮਾਣ, ਸਿੱਖਿਆ, ਸਿਹਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ।