ਸੰਜੀਵ ਅਰੋੜਾ ਹੋਣਗੇ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ.
ਲੁਧਿਆਣਾ l(ਵਾਸੂ ਜੇਤਲੀ) - : ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਇਸ ਹਲਕੇ ਤੋਂ ਰਾਜ ਸਭਾ ਮੈਂਬਰ ਅਤੇ ਉੱਘੇ ਸਨਅਤਕਾਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਵਿਧਾਇਕ ਬਣੇ ਸਨ, ਪਰ ਪਿਛਲੇ ਮਹੀਨੇ ਗੋਲ਼ੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋਣ ਨਾਲ ਇਹ ਸੀਟ ਖ਼ਾਲੀ ਹੋ ਗਈ ਸੀ। ਇਸ ਕਾਰਨ, ਹੁਣ ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਉਣ ਦੇ ਫ਼ੈਸਲੇ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਇਹ ਅਟਕਲਾਂ ਵੀ ਜ਼ੋਰ ਫੜ ਰਹੀਆਂ ਹਨ ਕਿ ਪੰਜਾਬ ਤੋਂ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਰਣਨੀਤੀ ਤਹਿਤ, ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕਿਉਂਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਹਾਲਾਤ ਅਤੇ ਸੱਤਾਧਾਰੀ ਭਾਜਪਾ ਨਾਲ ਚੱਲ ਰਹੇ ਟਕਰਾ ਨੂੰ ਵੇਖਦੇ ਹੋਏ, ਕੇਜਰੀਵਾਲ ਦੀ ਪੰਜਾਬ ਤੋਂ ਉਮੀਦਵਾਰੀ ਪਾਰਟੀ ਦੀ ਨਵੀਂ ਰਣਨੀਤੀ ਦਾ ਹਿੱਸਾ ਹੋ ਸਕਦੀ ਹੈ।
ਹੁਣ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਆਪਣੀ ਜਿੱਤ ਨੂੰ ਕਿੰਝ ਯਕੀਨੀ ਬਣਾਉਂਦੀ ਹੈ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਸੰਕੇਤ ਕੀ ਹਨ।
