ਵਿਧਾਇਕ ਪਰਾਸ਼ਰ ਨੇ ਸੜਕਾਂ ਦੇ ਪੁਨਰ ਨਿਰਮਾਣ ਅਤੇ ਟਿਊਬਵੈੱਲ ਲਗਾਉਣ ਲਈ 56.50 ਲੱਖ ਰੁਪਏ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ.
ਲੁਧਿਆਣਾ, 15 ਅਪ੍ਰੈਲ:।ਗੁਣਵੱਤਾਪੂਰਨ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਕੰਮ ਕਰਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਸੜਕਾਂ ਦੇ ਪੁਨਰ ਨਿਰਮਾਣ ਅਤੇ ਟਿਊਬਵੈੱਲ ਲਗਾਉਣ ਲਈ ਲਗਭਗ 56.50 ਲੱਖ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਸਭ ਤੋਂ ਪਹਿਲਾਂ, ਵਿਧਾਇਕ ਪਰਾਸ਼ਰ ਨੇ ਮੋਚਪੁਰਾ ਬਾਜ਼ਾਰ ਦੀ ਝੰਡੇ ਵਾਲੀ ਗਲੀ ਵਿੱਚ 12.5 ਐਚ.ਪੀ ਟਿਊਬਵੈੱਲ ਲਗਾਉਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਹ ਟਿਊਬਵੈੱਲ ਲਗਭਗ 6.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ।
ਬਾਅਦ ਵਿੱਚ, ਵਿਧਾਇਕ ਪਰਾਸ਼ਰ ਨੇ ਵਿਸ਼ਵਕਰਮਾ ਚੌਕ ਤੋਂ ਜਗਰਾਉਂ ਪੁਲ ਤੱਕ ਸੜਕ ਦੇ ਦੋਵੇਂ ਪਾਸੇ ਸਰਵਿਸ ਲੇਨਾਂ ਦੇ ਪੁਨਰ ਨਿਰਮਾਣ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ 50 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਗਰਮੀਆਂ ਦਾ ਮੌਸਮ ਆ ਗਿਆ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਕੋਈ ਮੁਸ਼ਕਲ ਨਾ ਆਵੇ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
