ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪੰਜਾਬ ਸਰਕਾਰ ਨੇ ਲਏ ਇਤਿਹਾਸਿਕ ਫੈਸਲੇ : ਧਾਲੀਵਾਲ.
ਰਿਆੜ, ਚੱਕ ਫੂਲਾ ਤੇ ਨੰਗਲ ਵੰਜਾਵਾਲਾ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 24 ਮਈ ( ਸਵਿੰਦਰ ਸਿੰਘ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲਏ ਹਨ ਜਿਸ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ, ਚੱਕ ਫੂਲਾ ਤੇ ਨੰਗਲ ਵੰਝਾਂ ਵਾਲਾ ਦੇ ਸਰਕਾਰੀ ਸਕੂਲਾਂ ਵਿਖੇ ਸਿੱਖਿਆ ਕ੍ਰਾਂਤੀ ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਤੋਂ ਬਿਨਾਂ ਸਾਡੇ ਸਮਾਜ ਦਾ ਸਮੁੱਚਾ ਵਿਕਾਸ ਨਹੀਂ ਹੋ ਸਕਦਾ, ਇਸ ਲਈ ਬੱਚਿਆਂ ਦੀ ਸਿੱਖਿਆ ਉੱਤੇ ਵੱਧ ਤੋਂ ਵੱਧ ਜ਼ੋਰ ਭਗਵੰਤ ਮਾਨ ਸਰਕਾਰ ਦੇ ਰਹੀ ਹੈ। ਉਹਨਾਂ ਕਿਹਾ ਕਿ ਇਸ ਸਰਹੱਦੀ ਪੱਟੀ ਵਿੱਚ ਪਿਛਲੇ 70 ਸਾਲਾਂ ਤੋਂ ਕਿਸੇ ਨੇ ਵੀ ਸਕੂਲਾਂ ਦੀ ਸਾਰ ਨਹੀਂ ਸੀ ਲਈ ਅਤੇ ਅੱਜ ਇਹਨਾਂ ਸਕੂਲਾਂ ਵਿੱਚ ਡਿਜੀਟਲ ਕਲਾਸ ਰੂਮ ਬਣ ਚੁੱਕੇ ਹਨ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਲੜਕੇ ਅਤੇ ਲੜਕੀਆਂ ਨੂੰ ਸਵੈ ਰੋਜ਼ਗਾਰ ਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾ ਸਕਣ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਤੋਂ ਸਖਤ ਮਿਹਨਤ ਕਰਕੇ ਆਪਣੇ ਮਿੱਥੇ ਟੀਚੇ ਨੂੰ ਸਰ ਕਰਦਿਆਂ ਆਪਣੇ ਮਾਪਿਆਂ ਦਾ ਨਾਮ ਚਮਕਾਉਣ। ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
