ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬੱਚਤ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ : ਮੁੱਖ ਖੇਤੀਬਾੜੀ ਅਫ਼ਸਰ ਡਾ.ਗੁਰਦੀਪ ਸਿੰਘ*.
ਲੁਧਿਆਣਾ, 27 ਮਈ, 2025 : ਖੇਤੀ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਲਈ ਇਸ ਵਾਰ ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਕਾਫੀ ਉਤਸ਼ਾਹ ਵਿਖਾ ਰਹੇ ਹਨ।
ਇਹ ਗੱਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਪਿੰਡ ਹਾਂਸ ਕਲਾਂ ਬਲਾਕ ਜਗਰਾਉਂ ਵਿਖੇ ਕਿਸਾਨ ਰਮਨਦੀਪ ਸਿੰਘ ਦੇ ਖੇਤ ਵਿੱਚ ਬਿਜਾਈ ਕਰਵਾਉਂਦੇ ਹੋਏ ਦੱਸੀ। ਕਿਸਾਨ ਰਮਨਦੀਪ ਸਿੰਘ ਵਲੋਂ ਪਿਛਲੇ 5 ਸਾਲਾਂ ਤੋਂ ਇਸ ਤਕਨੀਕ ਨਾਲ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਵਧੀਆ ਨਤੀਜੇ ਪ੍ਰਾਪਤ ਹੋਣ ਕਾਰਨ ਇਸ ਸਾਲ ਤਕਰੀਬਨ 22 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਰਾਹੀਂ ਡਾਇਰੈਕਟ ਸੀਡਿੰਗ ਆਫ਼ ਰਾਈਸ ਜਿਸ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਵੀ ਕਿਹਾ ਜਾਂਦਾ ਹੈ, ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸਾਨਾਂ ਵਲੋਂ ਵਧੀਆ ਹੁੰਗਾਰਾ ਪ੍ਰਾਪਤ ਹੋ ਰਿਹਾ ਹੈ। ਜਿਹੜੇ ਕਿਸਾਨ ਇਸ ਤਕਨੀਕ ਨੂੰ ਅਪਣਾ ਕੇ ਬਿਜਾਈ ਕਰ ਰਹੇ ਹਨ ਜਾਂ ਅਪਨਾਉਣ ਦੀ ਤਿਆਰੀ ਕਰ ਰਹੇ ਹਨ, ਖੇਤੀਬਾੜੀ ਵਿਭਾਗ ਵਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਤਕਨੀਕ ਨਾਲ ਕਿਸਾਨ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਕੇ ਇਸ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਦੀ ਗਤੀ ਨੂੰ ਕੰਟਰੋਲ ਕਰਨ ਦਾ ਯਤਨ ਕਰ ਰਹੇ ਹਨ। ਜਿਹੜੇ ਕਿਸਾਨ ਇਸ ਵਿਧੀ ਨੂੰ ਅਪਣਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨਗੇ, ਉਨ੍ਹਾਂ ਨੂੰ ਸਰਕਾਰ ਵਲੋਂ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ।
ਡਾ. ਗੁਰਦੀਪ ਸਿੰਘ ਨੇ ਦੱਸਿਆ ਇਸ ਤਕਨੀਕ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਾਢੀ ਉਪਰੰਤ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਵੀ ਵੱਧ ਸਮਾਂ ਮਿਲ ਸਕਦਾ ਹੈ ਜਿਸ ਕਾਰਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਵਾਤਾਵਰਣ ਖਰਾਬ ਹੋਣ ਤੋਂ ਬਚੇਗਾ। ਖੇਤੀਬਾੜੀ ਵਿਭਾਗ ਵਲੋਂ ਸਿੱਧੀ ਬਿਜਾਈ ਦੀ ਤਕਨੀਕ ਸਬੰਧੀ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਵੱਡੇ ਪੱਧਰ ਤੇ ਜਾਗਰੁਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਪਿੰਡ-ਪਿੰਡ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਵਿਭਾਗ ਦੇ ਬਲਾਕ ਦਫ਼ਤਰਾਂ ਦੇ ਅਧਿਕਾਰੀ/ਕਰਮਚਾਰੀ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਆਪਣੀ ਹਾਜਰੀ ਵਿੱਚ ਇਸ ਤਕਨੀਕ ਨਾਲ ਬਿਜਾਈ ਕਰਵਾ ਰਹੇ ਹਨ।
ਇਸ ਮੌਕੇ ਮਨਜੀਤ ਸਿੰਘ ਏ.ਡੀ.ਓ (ਪੌਦ ਸੁਰੱਖਿਆ) ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰਾਪਤ ਕਰਨ ਲਈ ਆਪਣੀ ਰਜਿਸਟ੍ਰੇਸ਼ਨ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ ਕਰਵਾਉਣੀ ਲਾਜ਼ਮੀ ਹੈ ਜਿਸ ਵਿੱਚ ਉਨ੍ਹਾਂ ਵਲੋਂ ਇਸ ਤਕਨੀਕ ਨਾਲ ਬੀਜੇ ਰਕਬੇ ਬਾਰੇ ਅਤੇ ਆਪਣੇ ਬੈਂਕ ਖਾਤੇ ਦੀ ਡਿਟੇਲ ਦੱਸਣੀ ਲਾਜ਼ਮੀ ਹੈ। ਇਸ ਤੋਂ ਬਿਨ੍ਹਾਂ ਵਿਭਾਗ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਲੋੜੀਂਦੀ ਡੀ.ਐਸ.ਆਰ ਡਰਿੱਲ ਵੀ 40 ਤੋਂ 50 ਪ੍ਰਤੀਸ਼ਤ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਜਿਸ ਲਈ ਕਿਸਾਨਾਂ ਪਾਸੋਂ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਪ੍ਰਾਪਤ ਕੀਤੇ ਜਾ ਚੁੱਕੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਅਜਿਹੇ ਕਿਸਾਨਾਂ ਨੂੰ ਕਿਸੇ ਵੀ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਨੇੜਲੇ ਦਫ਼ਤਰ ਵਿੱਚ ਸੰਪਰਕ ਕਰਨ ਲਈ ਕਿਹਾ।