ਏ.ਡੀ.ਸੀ ਬੈਂਸ ਅਤੇ ਐਸ.ਡੀ.ਐਮ ਢਿੱਲੋਂ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ.

 


- ਕੈਬਨਿਟ ਮੰਤਰੀ ਅਮਨ ਅਰੋੜਾ ਸ਼ਹੀਦ ਨੂੰ ਕਰਨਗੇ ਸ਼ਰਧਾ ਦੇ ਫੁੱਲ ਭੇਂਟ


ਈਸੜੂ/ਖੰਨਾ, (ਲੁਧਿਆਣਾ) 14 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਅਮਰਜੀਤ ਬੈਂਸ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਸਬੰਧੀ 15 ਅਗਸਤ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਿੰਡ ਈਸੜੂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।


ਏ.ਡੀ.ਸੀ, ਐਸ.ਡੀ.ਐਮ ਨੇ ਦੱਸਿਆ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪਿ੍ੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤਾਂ ਨਿਵਾਰਣ, ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ, ਪੰਜਾਬ ਅਮਨ ਅਰੋੜਾ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।


ਰਾਜ ਪੱਧਰੀ ਸਮਾਗਮ ਸਬੰਧੀ ਪਿੰਡ ਈਸੜੂ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ ਅਤੇ ਐਸ.ਡੀ.ਐਮ ਨੇ ਉਨ੍ਹਾਂ ਨੂੰ ਰਾਜ ਪੱਧਰੀ ਸਮਾਗਮ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।


 ਏ.ਡੀ.ਸੀ ਅਤੇ ਐਸ.ਡੀ.ਐਮ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਸੁਰੱਖਿਆ, ਆਵਾਜਾਈ, ਪਾਰਕਿੰਗ ਪ੍ਰਬੰਧਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਡੁੰਘਾਈ ਨਾਲ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ। ਉਨ੍ਹਾਂ ਪੁਲਿਸ ਵਿਭਾਗ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।


ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਡੀ.ਪੀ.ਓ ਖੰਨਾ ਗੁਰਪ੍ਰੀਤ ਸਿੰਘ, ਕਾਰਜ ਸਾਧਕ ਅਫਸਰ ਖੰਨਾ ਚਰਨਜੀਤ ਸਿੰਘ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ, ਰੀਡਰ ਜਸਵੀਰ ਸਿੰਘ, ਐੱਸ.ਐਚ.ਓ ਖੰਨਾ ਸੁਖਵਿੰਦਰਪਾਲ ਸਿੰਘ ਸੋਹੀ, ਸਰਪੰਚ ਜਤਿੰਦਰਜੋਤ ਸਿੰਘ ਈਸੜੂ, ਪੰਚਾਇਤ ਅਫਸਰ ਕੁਲਦੀਪ ਸਿੰਘ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।