ਝੋਨੇ ਦੀ ਖਰੀਦ ਦੇ ਵਿਆਪਕ ਪ੍ਰਬੰਧ .
*ਪ੍ਰਸ਼ਾਸਨ ਝੋਨੇ ਦੀ ਖਰੀਦ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ- ਡੀ.ਸੀ ਹਿਮਾਂਸ਼ੂ ਜੈਨ*
*ਸਾਰੀਆਂ 108 ਅਨਾਜ ਮੰਡੀਆਂ ਵਿੱਚ ਵਿਆਪਕ ਪ੍ਰਬੰਧ, 16.55 ਲੱਖ ਮੀਟਰਕ ਟਨ ਝੋਨਾ ਆਉਣ ਦੀ ਉਮੀਦ*
*ਐਸ.ਡੀ.ਐਮਜ਼ ਵੱਲੋਂ ਅਚਨਚੇਤ ਜਾਂਚ, ਡੀ.ਸੀ ਵੱਲੋਂ ਕਿਸਾਨਾਂ ਨੂੰ ਸਿਰਫ਼ ਸੁੱਕਾ ਝੋਨਾ ਲਿਆਉਣ ਦੀ ਅਪੀਲ*
ਲੁਧਿਆਣਾ, 15 ਸਤੰਬਰ:
ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਵਿੱਚ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਜ਼ਿਲ੍ਹਾ ਲੁਧਿਆਣਾ ਦੀਆਂ 108 ਅਨਾਜ ਮੰਡੀਆਂ ਅਤੇ 79 ਅਸਥਾਈ ਯਾਰਡਾਂ ਵਿੱਚ ਅੰਦਾਜ਼ਨ 16.55 ਲੱਖ ਮੀਟਰਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਸੁਚਾਰੂ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਢੁਕਵੇਂ ਬਾਰਦਾਨੇ ਉਪਲਬਧ ਹਨ ਅਤੇ ਸਾਰੇ ਖਰੀਦ ਕੇਂਦਰਾਂ ਵਿੱਚ ਤੁਰੰਤ ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਾਰੇ ਉਪਾਅ ਸਥਾਪਤ ਕੀਤੇ ਗਏ ਹਨ। ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਭੁਗਤਾਨ ਪ੍ਰਾਪਤ ਹੋਣਗੇ।
ਡੀ.ਸੀ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਆਉਣ ਵਾਲੇ ਹਰੇਕ ਝੋਨੇ ਦੇ ਲੋਡ ਵਾਹਨ ਦੀ ਜਾਂਚ ਲਈ ਨਮੀ ਮੀਟਰ ਵਰਤੇ ਜਾਣਗੇ ਅਤੇ ਮੰਡੀ ਬੋਰਡ ਦੀਆਂ ਡਿਊਟੀਆਂ ਪਹਿਲਾਂ ਹੀ ਤੈਅ ਕਰ ਦਿੱਤੀਆਂ ਗਈਆਂ ਹਨ। ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ) ਖਰੀਦ ਗਤੀਵਿਧੀਆਂ ਦੀ ਨਿਗਰਾਨੀ ਕਰਨ ਅਤੇ ਕਿਸੇ ਵੀ ਮੁੱਦੇ ਨੂੰ ਤੁਰੰਤ ਹੱਲ ਕਰਨ ਲਈ ਅਚਾਨਕ ਨਿਰੀਖਣ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆਵਾਂ ਰਾਜ ਦੇ ਅਨਾਜ ਉਤਪਾਦਕਾਂ ਦੀ ਸਹਾਇਤਾ ਲਈ ਇੱਕ ਤਰਜੀਹ ਹਨ।
ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ ਸਿਰਫ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਅਨਾਜ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਸਟਾਫ਼ ਨੂੰ ਨਮੀ ਮੀਟਰ ਦਿੱਤੇ ਗਏ ਹਨ ਅਤੇ ਹਰੇਕ ਝੋਨੇ ਦੇ ਲੋਡ ਵਾਹਨ ਦੀ ਜਾਂਚ ਕਰਨ ਲਈ ਪ੍ਰਵੇਸ਼ ਦੁਆਰ 'ਤੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ, ਜੋ ਮਿਆਰਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੰਬਾਈਨ ਹਾਰਵੈਸਟਰਾਂ ਨੂੰ ਪਹਿਲਾਂ ਹੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਝੋਨੇ ਦੀ ਕਟਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਕੰਬਾਈਨਾਂ ਨੂੰ ਜ਼ਬਤ ਕਰਨਾ ਸ਼ਾਮਲ ਹੈ।