ਗੱਜਣਮਾਜਰਾ ਨੇ ਪਸ਼ੂ ਫੀਡ ਦੇ ਚਾਰ ਟਰੱਕ ਭੇਜੇ.

*ਅਮਰਗੜ੍ਹ ਵਿਧਾਇਕ ਗੱਜਣਮਾਜਰਾ ਵੱਲੋਂ ਹੜ੍ਹ ਪੀੜਤਾਂ ਲਈ ਪਸ਼ੂ ਫੀਡ ਦੇ 4 ਟਰੱਕ ਭੇਜੇ ਗਏ*

ਖੰਨਾ, (ਲੁਧਿਆਣਾ) 15 ਸਤੰਬਰ: 

ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਇਨਸਾਨੀਅਤ ਅਤੇ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਧਰ 'ਤੇ ਪਸ਼ੂ ਫੀਡ ਨਾਲ ਭਰੇ ਚਾਰ ਟਰੱਕ ਭੇਜੇ, ਜੋ ਖੰਨਾ ਦੇ ਪਿੰਡ ਇਕੋਲਾਹਾ ਵਿਖੇ ਸਥਿਤ ਉਨ੍ਹਾਂ ਦੀ ਤਾਰਾ ਫੀਡ ਫੈਕਟਰੀ ਤੋਂ ਰਵਾਨਾ ਕੀਤੇ ਗਏ। ਇਹ ਚਾਰਾ ਵਿਸ਼ੇਸ਼ ਤੌਰ 'ਤੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜਿਆ ਗਿਆ ਹੈ। ਉੱਥੇ ਹੜ੍ਹ ਦਾ ਪਾਣੀ ਘਟਣ ਤੋਂ ਬਾਅਦ ਇਨਸਾਨਾਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਭੋਜਨ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਗੱਜਣਮਾਜਰਾ ਨੇ ਕਿਹਾ ਕਿ ਸਾਡੇ ਲਈ ਇਹ ਫਰਜ਼ ਬਣਦਾ ਹੈ ਕਿ ਅਸੀਂ ਨਾ ਸਿਰਫ਼ ਮਨੁੱਖਾਂ ਦਾ, ਸਗੋਂ ਉਨ੍ਹਾਂ ਦੇ ਨਾਲ ਰਹਿੰਦੇ ਪਸ਼ੂਆਂ ਦਾ ਵੀ ਧਿਆਨ ਰੱਖੀਏ। ਜੇ ਪਸ਼ੂਆਂ ਨੂੰ ਚਾਰਾ ਨਾ ਮਿਲਿਆ ਤਾਂ ਕਿਸਾਨਾਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਵੀ ਪ੍ਰਭਾਵਿਤ ਹੋਵੇਗੀ। ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੀਡ ਦੇ ਟਰੱਕ ਪੰਜਾਬ ਦੇ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਦੀ ਯਾਦ ਵਿੱਚ ਭੇਜੇ ਹਨ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੀ ਕਲਾ ਅਤੇ ਹਾਸੇ-ਮਜ਼ਾਕ ਰਾਹੀਂ ਪੰਜਾਬੀਅਤ ਨੂੰ ਦੁਨੀਆ ਭਰ ਵਿੱਚ ਪਛਾਣ ਦਿੱਤੀ ਅਤੇ ਪੰਜਾਬੀਆਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਂਦੀ। ਇਸ ਕਾਰਨ ਉਨ੍ਹਾਂ ਦੀ ਯਾਦ ਨੂੰ ਸਦਾ ਤਾਜ਼ਾ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ। 

ਗੱਜਣਮਾਜਰਾ ਨੇ ਪੰਜਾਬ ਦੇ ਹਰ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਹੜ੍ਹ ਪੀੜਤ ਪਰਿਵਾਰਾਂ ਅਤੇ ਉਨ੍ਹਾਂ ਦੇ ਪਸ਼ੂਆਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖੁਦ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਹਾਇਤਾ ਲਈ ਲਗਾਤਾਰ ਯਤਨ ਕਰਦੇ ਰਹਿਣਗੇ। ਸਥਾਨਕ ਲੋਕਾਂ ਅਤੇ ਸਮਾਜਿਕ ਸੰਗਠਨਾਂ ਨੇ ਇਸ ਕਦਮ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਮਦਦ ਹਰ ਲੋੜਵੰਦ ਤੱਕ ਪਹੁੰਚਣ ਲਈ ਸਮਾਂ ਲੱਗ ਰਿਹਾ ਹੈ, ਤਾਂ ਨੇਤਾਵਾਂ ਅਤੇ ਸਮਾਜ ਸੇਵਕਾਂ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਹੜ੍ਹ ਪੀੜਤਾਂ ਲਈ ਵੱਡੀ ਰਹਤ ਬਣ ਰਹੇ ਹਨ।