ਰਾਣੋ ਦੀ ਕੋਠੀ ਤੇ ਬੁਲਡੋਜ਼ਰ ਚੱਲਿਆ.
*ਵਿਧਾਇਕ ਗਿਆਸਪੁਰਾ ਨੇ ਰਾਣੋ ਦੀ ਕੋਠੀ ਉਪਰ ਬੁਲਡੋਜਰ ਐਕਸ਼ਨ ਦੀ ਸ਼ਲਾਘਾ ਕੀਤੀ, ਕਿਹਾ - ਮਾਨ ਸਰਕਾਰ ਕਿਸੇ ਨੂੰ ਨਹੀਂ ਬਖਸ਼ੇਗੀ*
ਪਾਇਲ, ਖੰਨਾ, (ਲੁ਼ਧਿਆਣਾ), 1 ਜੂਨ: ਬਹੁਚਰਚਿਤ ਨਸ਼ਾ ਤਸਕਰ ਗੁਰਦੀਪ ਸਿੰਘ ਰਾਣੋ ਦੀ ਗੈਰ-ਕਾਨੂੰਨੀ ਕੋਠੀ 'ਤੇ ਹੋਈ ਬੁਲਡੋਜ਼ਰ ਕਾਰਵਾਈ ਨੂੰ ਲੈ ਕੇ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਮਾਮਲੇ ਨੂੰ ਉਠਾਉਂਦੇ ਆ ਰਹੇ ਸਨ ਅਤੇ ਹੁਣ ਸਰਕਾਰ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਕੀਤੀ ਅਤੇ ਸਾਬਤ ਕਰ ਦਿੱਤਾ ਹੈ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਗੁਰਦੀਪ ਸਿੰਘ ਰਾਣੋ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਵਜੋਂ ਉਭਰਿਆ ਸੀ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਉਸ ਦਾ ਨਸ਼ਿਆਂ ਦਾ ਕਥਿਤ ਕਾਰੋਬਾਰ ਚੱਲਦਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸਾਲ 2020 ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਹੋਣ ਦੇ ਬਾਵਜੂਦ ਉਸ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ ਅਤੇ ਹੁਣ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਕਾਰਵਾਈ ਨਸ਼ਾ ਤਸਕਰਾਂ ਲਈ ਇੱਕ ਸਪੱਸ਼ਟ ਅਤੇ ਸਖ਼ਤ ਸੰਦੇਸ਼ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ।
ਗਿਆਸਪੁਰਾ ਨੇ ਇਸ ਕਾਰਵਾਈ ਲਈ ਖੰਨਾ ਦੇ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਅਤੇ ਗਲਾਡਾ ਦੇ ਅਧਿਕਾਰੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਅਤੇ ਪ੍ਰਸ਼ਾਸਨ ਨੇ ਪੂਰੀ ਯੋਜਨਾਬੱਧ ਢੰਗ ਨਾਲ ਕਾਰਵਾਈ ਨੂੰ ਅੰਜਾਮ ਦੇ ਕੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਚਨਬੱਧਤਾ ਨੂੰ ਦਰਸਾਇਆ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਸੰਪਤੀਆਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਸੀ ਅਤੇ ਸਰਕਾਰ ਉਸ ਭਰੋਸੇ 'ਤੇ ਪੂਰੀ ਤਰ੍ਹਾਂ ਖਰਾ ਉਤਰ ਰਹੀ ਹੈ।
