ਪੰਜਾਬ ਭਰ ਦੇ ਸੇਵਾ ਕੇਂਦਰਾਂ ਦਾ ਕੰਮ ਠੱਪ .

 ਮੁਲਾਜ਼ਮਾਂ ਦੀ ਹਡ਼ਤਾਲ ਜਾਰੀ 

ਪੱਕੇ ਕਰਨ ਵਾਲੇ ਸਰਕਾਰੀ ਐਲਾਨ ਵਿੱਚ ਨਾਂਅ ਸ਼ਾਮਲ ਨਾ ਹੋਣ ਕਾਰਨ ਮੁਲਾਜ਼ਮਾਂ ‘ਚ ਰੋਸ

ਖੰਨਾ, 2 ਜੂਨ (ਮਨਜੀਤ ਸਿੰਘ ਧੀਮਾਨ )---ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਹੱਕੀਂ ਮੰਗਾਂ ਸਬੰਧੀ ਹਡ਼ਤਾਲ ‘ਤੇ ਚੱਲ ਰਹੇ ਹਨ। ਜਿਸ ਤਹਿਤ ਅੱਜ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠਾਂ ਪ੍ਰਬੰਧਕੀ ਕੰਪਨੀ ਖਿਲਾਫ਼ ਮੋਰਚਾ ਖੋਲ੍ਹਦਿਆਂ ਵਿਸ਼ਾਲ ਪੈਦਲ ਰੋਸ ਮਾਰਚ ਕੱਢਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਸੇਵਾ ਕੇਦਰਾਂ ਵਿਚ ਕੰਮ ਕਰਦੇ ਮੁਲਾਜ਼ਮ ਪਿਛਲੇ ਕਰੀਬ 10 ਸਾਲ ਤੋਂ ਨਿਗੁਣੀਆਂ ਤਨਖਾਹਾਂ ’ਤੇ ਦਿਨ ਰਾਤ ਸੇਵਾਵਾਂ ਨਿਭਾਅ ਰਹੇ ਹਨ ਪ੍ਰਤੂੰ ਨਾ ਤਾਂ ਸਰਕਾਰ ਅਤੇ ਨਾ ਹੀ ਸਬੰਧਤ ਕੰਪਨੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਦੇ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਗਾਂ ਮੰਨਣ ਦੀ ਥਾਂ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ।  ਦਲਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਜੋ ਇਤਿਹਾਸਕ ਐਲਾਨ ਕੀਤੇ ਗਏ ਹਨ ਉਨ੍ਹਾਂ ਵਿੱਚ ਸੇਵਾ ਕੇਂਦਰ ਦੇ ਮੁਲਾਜ਼ਮਾਂ ਦਾ ਨਾਂਅ ਸ਼ਾਮਲ ਨਹੀਂ ਕੀਤਾ ਗਿਆ ਜੋ ਸਰਾਸਰ ਧੱਕਾ ਹੈ। ਬੇਅੰਤ ਕੌਰ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਕੰਪਨੀ ਵੱਲੋਂ ਦਿੱਤੇ ਜਾ ਰਹੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਮੁਲਾਜ਼ਮ ਨਹੀਂ ਝੁਕਣਗੇ। ਇਸ ਮੌਕੇ ਸੇਵਾ ਕੇਂਦਰਾਂ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।