ਵਾਤਾਵਰਣ ਸੰਭਾਲ ਦਾ ਸੰਦੇਸ਼.

*ਜ਼ਿਲ੍ਹਾ ਪ੍ਰਸ਼ਾਸਨ ਅਤੇ ਵੀ.ਐੱਸ.ਐੱਸ.ਐੱਲ ਨੇ ਮਿੰਨੀ ਸਕੱਤਰੇਤ ਲੁਧਿਆਣਾ ਵਿੱਚ ਪੌਦੇ ਲਗਾ ਕੇ ਦਿੱਤਾ ਵਾਤਾਵਰਣ ਸੰਭਾਲ ਦਾ ਸੰਦੇਸ਼*

*ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਰੁੱਖ ਲਗਾਉਣਾ ਸਮੇਂ ਦੀ ਲੋੜ: ਏ.ਡੀ.ਸੀ ਨਰਿੰਦਰ ਸਿੰਘ ਧਾਲੀਵਾਲ*

*ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ*

*ਸਾਫ਼, ਹਰਾ ਅਤੇ ਪ੍ਰਦੂਸ਼ਣ ਮੁਕਤ ਲੁਧਿਆਣਾ ਬਣਾਉਣ ਲਈ ਸਾਂਝਾ ਉਪਰਾਲਾ*

ਲੁਧਿਆਣਾ, 5 ਜੂਨ (ਇੰਦਰਜੀਤ) : ਜ਼ਿਲ੍ਹਾ ਪ੍ਰਸ਼ਾਸਨ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ) ਦੇ ਸਹਿਯੋਗ ਨਾਲ ਸ਼ੁੱਕਰਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ਮਿੰਨੀ ਸਕੱਤਰੇਤ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਰਿੰਦਰ ਸਿੰਘ ਧਾਲੀਵਾਲ ਅਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਧਿਕਾਰੀ ਜੀਵਨਦੀਪ ਸਿੰਘ ਨੇ ਸਟਾਫ ਮੈਂਬਰਾਂ ਨਾਲ ਮਿਲ ਕੇ ਮੁਹਿੰਮ ਦੌਰਾਨ ਪੌਦੇ ਲਗਾਏ।

ਈਕੋਸਿੱਖ ਤੋਂ ਪਵਨੀਤ ਸਿੰਘ ਦੀ ਅਗਵਾਈ ਵਿੱਚ ਜੰਗਲਾਤ ਮਾਹਿਰਾਂ ਦੀ ਇੱਕ ਟੀਮ ਨੇ ਵਾਤਾਵਰਣ ਸੰਭਾਲ ਦੀ ਮਹੱਤਤਾ ਨੂੰ ਉਜਾਗਰ ਕੀਤਾ ਅਤੇ ਲੋਕਾਂ ਨੂੰ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਤੋਂ ਬਚਣ ਲਈ ਉਤਸ਼ਾਹਿਤ ਕਰਨ ਲਈ ਕੱਪੜੇ ਦੇ ਥੈਲੇ ਵੰਡੇ।

ਜ਼ਿਲ੍ਹੇ ਦੇ ਵਸਨੀਕਾਂ ਨੂੰ ਲੁਧਿਆਣਾ ਨੂੰ ਸਾਫ਼, ਹਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਦੇ ਲਗਾਉਣ ਦੀਆਂ ਮੁਹਿੰਮਾਂ ਬਹੁਤ ਮਹੱਤਵਪੂਰਨ ਹੋ ਗਈਆਂ ਹਨ ਕਿਉਂਕਿ ਘਟਦਾ ਹਰਾ ਕਵਰ ਇੱਕ ਗੰਭੀਰ ਚਿੰਤਾ ਬਣਿਆ ਹੋਇਆ ਹੈ ਜੋ ਵਾਤਾਵਰਣ ਅਤੇ ਮਨੁੱਖੀ ਸਿਹਤ ਦੋਵਾਂ ਲਈ ਖ਼ਤਰਾ ਪੈਦਾ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਹਰੇਕ ਵਿਅਕਤੀ ਦੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਉਹ ਵਧੇਰੇ ਰੁੱਖ ਲਗਾ ਕੇ ਹਰਾ ਕਵਰ ਵਧਾਉਣ ਵਿੱਚ ਆਪਣਾ ਯੋਗਦਾਨ ਪਾਵੇ। ਇਸ ਨੇਕ ਕਾਰਜ ਵਿੱਚ ਨਾਗਰਿਕਾਂ ਤੋਂ ਪੂਰੇ ਦਿਲੋਂ ਸਹਿਯੋਗ ਦੀ ਮੰਗ ਕਰਦੇ ਹੋਏ ਉਨ੍ਹਾਂ ਨੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੇ ਲਾਭ ਲਈ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਵੀ.ਐਸ.ਐਸ.ਐਲ ਦੇ ਪ੍ਰਬੰਧਨ ਅਤੇ ਇਸਦੇ ਸੀ.ਐਸ.ਆਰ ਮੁਖੀ ਅਮਿਤ ਧਵਨ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਇੱਕ ਸਾਫ਼ ਅਤੇ ਹਰਿਆ ਭਰਿਆ ਲੁਧਿਆਣਾ ਬਣਾਉਣ ਦੇ ਉਦੇਸ਼ ਨਾਲ ਅਜਿਹੀਆਂ ਪਹਿਲਕਦਮੀਆਂ ਦਾ ਆਯੋਜਨ ਕਰਨ ਵਿੱਚ ਅਗਵਾਈ ਕੀਤੀ। ਉਨ੍ਹਾਂ ਨੇ ਪਿਛਲੇ ਦੋ ਸਾਲਾਂ ਵਿੱਚ ਕਰੀਬ ਦੋ ਲੱਖ ਬੂਟੇ ਲਗਾਉਣ ਦੀ ਸਹੂਲਤ ਦੇਣ ਵਿੱਚ ਧਵਨ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।