ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ.

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ - ਸੌਂਦ 

*ਨਸ਼ਾ ਤਸਕਰਾਂ ਲਈ ਕੋਈ ਰਹਿਮ ਨਹੀਂ, ਜ਼ੀਰੋ ਟਾਲਰੈਂਸ ਨੀਤੀ ਨਾਲ ਅੱਗੇ ਵੱਧ ਰਹੀ ਪੰਜਾਬ ਸਰਕਾਰ 

ਖੰਨਾ, 5 ਜੂਨ : (ਮਨਜੀਤ ਸਿੰਘ ਧੀਮਾਨ) ---ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਖੰਨਾ ਦੇ ਇੱਕ ਨਿੱਜੀ ਪੈਲੇਸ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਉਨ੍ਹਾਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। 
 ਸੌਂਦ ਨੇ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਪੰਚਾਇਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਨੇ ਪੱਕੀ ਠਾਣ ਲਈ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ 'ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ 'ਚੋਂ ਹੋਵੇ।ਮੰਤਰੀ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਇਹ ਇੱਕ ਵੱਡਾ ਪ੍ਰੋਗਰਾਮ ਸੀ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ 'ਯੁੱਧ ਨਸ਼ਿਆਂ ਵਿਰੁੱਧ' ਲੜਾਈ ਪਹਿਲੀ ਵਾਰ ਲੜਨੀ ਪਈ ਹੈ। ਇਹ ਕੰਡੇ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਹਨ। ਸਿੰਥੈਟਿਕ ਨਸ਼ਿਆਂ ਦੀ ਇੱਕ ਤਰ੍ਹਾਂ ਨਾਲ ਹਨੇਰੀ ਆਈ ਹੈ। ਸਾਡੇ ਸਾਹਮਣੇ ਇੱਕ ਬਹੁਤ ਵੱਡਾ ਟਾਸਕ ਸੀ ਕਿ ਜੋ ਪੰਜਾਬ ਦੇ ਨੌਜਵਾਨ ਨਸ਼ੇ ਦੇ ਆਦੀ ਹੋ ਗਏ ਹਨ ਉਹਨਾਂ ਦਾ ਇਲਾਜ ਕਰਵਾ ਰਹੇ ਹਾਂ। ਨਸ਼ਾ ਛਡਾਊ ਕੇਂਦਰਾਂ ਵਿੱਚ ਉਹਨਾਂ ਦਾ ਨਸ਼ਾ ਛੁਡਾ ਕੇ ਇਲਾਜ ਕੀਤਾ ਜਾ ਰਿਹਾ ਹੈ। ਪਰ ਇੱਕ ਵੱਡਾ ਡਾਟਾ ਸਾਡੇ ਸਾਹਮਣੇ ਨਿਕਲ ਕੇ ਆਇਆ ਹੈ ਕਿ ਜਿਸ ਦਿਨ ਤੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤਾ ਹੈ ਕਿ ਨਵੀਂ ਨੌਜਵਾਨੀ ਜੋ ਕਾਲਜਾਂ ਵਿੱਚ ਪੜ੍ਹ ਰਹੀ ਹੈ, ਬਹੁਤ ਜਾਗਰੂਕ ਹੋਈ ਹੈ। ਨਸ਼ੇ ਦੇ ਭਿਆਨਕ ਨਤੀਜਿਆਂ ਨੂੰ ਦੇਖਦੇ ਹੋਏ ਨਵੇਂ ਬੱਚੇ ਨਸ਼ਿਆਂ ਤੋਂ ਬਚ ਰਹੇ ਹਨ। ਸੋ ਜਾਗਰੂਕਤਾ ਹੀ ਸਮਾਜ ਵਿੱਚੋਂ ਨਸ਼ੇ ਖਤਮ ਕਰ ਸਕਦੀ ਹੈ। ਸਿਵਲ ਤੇ ਪੁਲਿਸ ਪ੍ਰਸ਼ਾਸਨ ਵੀ ਮੌਜੂਦ ਰਿਹਾ ਹੈ। ਸਰਕਾਰੀ ਪੱਧਰ 'ਤੇ ਮੀਟਿੰਗ ਕੀਤੀ ਗਈ ਹੈ। ਇੱਥੇ ਇਹਨਾਂ ਨੂੰ ਦੱਸਿਆ ਗਿਆ ਹੈ ਕਿ ਤੁਹਾਡੇ ਫੋਨਾਂ ਵਿੱਚ ਜੋ ਐਪ ਹੈ, ਉਸ ਐਪ ਵਿੱਚ ਜਿੱਥੇ ਕਿਤੇ ਵੀ ਕਮੀ ਪੇਸ਼ੀ ਨਜ਼ਰ ਆਵੇ, ਆਪਣੀ ਜਾਣਕਾਰੀ ਪਾਓ ਕਿ ਕਿਸ ਜਗ੍ਹਾ ਉੱਤੇ ਕੋਈ ਨਸ਼ਾ ਵੇਚ ਰਿਹਾ ਹੈ, ਕੋਈ ਮੋਟਰਸਾਈਕਲ ਜਾਂ ਗੱਡੀ ਤੇ ਨਸ਼ਾ ਵੇਚਦਾ ਦਿਸਦਾ ਹੈ ਉਸ ਦੀ ਫੋਟੋ ਖਿੱਚ ਕੇ ਐਪ ਵਿੱਚ ਪਾ ਦੇਵੋ ਕਿ ਇਸ ਨੰਬਰ ਦੀ ਮੋਟਰਸਾਈਕਲ ਅਤੇ ਗੱਡੀ ਹੈ, ਬੰਦਾ ਆ ਕੇ ਨਸ਼ਾ ਵੇਚਦਾ ਹੈ। ਇਸ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਇਹੋ ਜਿਹੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਕਿ ਉਦਾਹਰਨ ਸੈਟ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਨਸ਼ਾ ਮੁਕਤੀ ਮੋਰਚਾ ਦੇ  ਬਲਾਕ ਖੰਨਾ ਤੋਂ ਕੋਆਰਡੀਨੇਟਰ ਅਮਰਿੰਦਰ ਸਿੰਘ ਚਾਹਿਲ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਪੰਚਾਇਤ ਅਫਸਰ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਅਤੇ ਸ਼ਹਿਰ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਖੰਨਾ ਸ਼ਹਿਰ ਦੇ ਕੌਂਸਲਰ, ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਹਲਕਾ ਖੰਨਾ ਦੇ ਵਸਨੀਕ ਮੌਜੂਦ ਸਨ।