ਵਿਧਾਇਕ ਬੱਗਾ ਨੇ ਵੰਡੀਆਂ ਰਾਸ਼ਨ ਕਿੱਟਾਂ .
*ਵਿਧਾਇਕ ਮਦਨ ਲਾਲ ਬੱਗਾ ਨੇ ਵਾਰਡ ਨੰਬਰ ਇੱਕ ’ਚ 300 ਦੇ ਕਰੀਬ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ*
ਲੁਧਿਆਣਾ, 8 ਜੂਨ (ਇੰਦਰਜੀਤ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ ਇੱਕ ਵਿੱਚ ਅੱਜ ਵਿਧਾਇਕ ਮਦਨ ਲਾਲ ਬੱਗਾ ਵੱਲੋਂ “ਮੇਰੀ ਰਸੋਈ ਸਕੀਮ” ਤਹਿਤ ਆਮ ਲੋਕਾਂ ਦੀ ਸਹੂਲਤ ਲਈ 300 ਦੇ ਕਰੀਬ ਪਰਿਵਾਰਾਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ ਖੁਰਾਨਾ, ਵਰਿੰਦਰ ਕੋਫੀ, ਕੁਲਦੀਪ ਸਿੰਘ ਮੱਕੜ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਰਾਹਤ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ। ਉਹਨਾਂ ਕਿਹਾ ਕਿ “ਮੇਰੀ ਰਸੋਈ ਸਕੀਮ” ਦਾ ਮੁੱਖ ਉਦੇਸ਼ ਆਰਥਿਕ ਪੱਖ ਤੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਦਦ ਦੇਣਾ ਹੈ ਤਾਂ ਜੋ ਕੋਈ ਵੀ ਪਰਿਵਾਰ ਜ਼ਰੂਰੀ ਰਾਸ਼ਨ ਤੋਂ ਵਾਂਝਾ ਨਾ ਰਹੇ।
ਸਥਾਨਕ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਆਪਣੇ ਹਰਮਨ ਪਿਆਰੇ ਵਿਧਾਇਕ ਮਦਨ ਲਾਲ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ ਜਿਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਦੀ ਹੈ।
