ਕਾਂਗਰਸ ਦੇ ਝੂਠੇ ਦਾਅਵਿਆਂ ਦੀ ਪੋਲ ਖੁੱਲ੍ਹੀ .
ਮੰਤਰੀ ਸੌਂਦ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਦੌਰਾ*
*ਕਿਹਾ- ਝੂਠ ਅਤੇ ਏ.ਆਈ ਵੀਡੀਓ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਨਹੀਂ ਹੋਵੇਗੀ ਕਾਮਯਾਬ,*
ਖੰਨਾ, 12 ਜੂਨ: (ਮਨਜੀਤ ਸਿੰਘ ਧੀਮਾਨ )---ਖੰਨਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਦਾਵਿਆਂ ਦਾ ਪੰਜਾਬ ਦੇ ਕੈਬਨਿਟ ਮੰਤਰੀ ਸੌਂਦ ਨੇ ਸ਼ੁੱਕਰਵਾਰ ਨੂੰ ਕਰਾਰਾ ਜਵਾਬ ਦਿੱਤਾ। ਮੰਤਰੀ ਸੌਂਦ ਖੁਦ ਖੰਨਾ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਪੂਰੇ ਦੌਰੇ ਦਾ ਸੋਸ਼ਲ ਮੀਡੀਆ ‘ਤੇ ਲਾਈਵ ਪ੍ਰਸਾਰਣ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਫੈਲਾਏ ਜਾ ਰਹੇ ਝੂਠ ਦੀ ਸੱਚਾਈ ਲੋਕਾਂ ਸਾਹਮਣੇ ਲਿਆਉਣਾ ਜ਼ਰੂਰੀ ਸੀ ਅਤੇ ਅੱਜ ਲੋਕਾਂ ਨੇ ਖੁਦ ਦੇਖ ਲਿਆ ਹੈ ਕਿ ਕਲੀਨਿਕ ਪੂਰੀ ਤਰ੍ਹਾਂ ਚੱਲ ਰਹੇ ਹਨ ਅਤੇ ਮਰੀਜ਼ਾਂ ਨੂੰ ਨਿਯਮਿਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ।ਗੌਰਤਲਬ ਹੈ ਕਿ ਹਾਲ ਹੀ ਵਿੱਚ ਖੰਨਾ ਕਾਂਗਰਸ ਦੇ ਸੋਸ਼ਲ ਮੀਡੀਆ ਪੇਜ ‘ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਲਾਕੇ ਦੇ ਆਮ ਆਦਮੀ ਕਲੀਨਿਕ ਬੰਦ ਹਨ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ। ਇਸ ਵੀਡੀਓ ਤੋਂ ਬਾਅਦ ਕੈਬਨਿਟ ਮੰਤਰੀ ਸੌਂਦ ਖੁਦ ਮੈਦਾਨ ਵਿੱਚ ਉਤਰੇ ਅਤੇ ਕਾਂਗਰਸ ਦੇ ਝੂਠੇ ਦਾਅਵਿਆਂ ਦੀ ਹਕੀਕਤ ਲੋਕਾਂ ਸਾਹਮਣੇ ਰੱਖੀ। ਦੌਰੇ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਆਮ ਆਦਮੀ ਕਲੀਨਿਕ ਅੱਜ ਲੱਖਾਂ ਪਰਿਵਾਰਾਂ ਲਈ ਰਾਹਤ ਦਾ ਕੇਂਦਰ ਬਣ ਚੁੱਕੇ ਹਨ।।ਮੰਤਰੀ ਸੌਂਦ ਨੇ ਮਰੀਜ਼ਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਜੇਕਰ ਕਲੀਨਿਕ ਬੰਦ ਹੁੰਦੇ ਤਾਂ ਇੱਥੇ ਮਰੀਜ਼ ਇਲਾਜ ਕਰਵਾਉਣ ਲਈ ਕਿਉਂ ਆਉਂਦੇ? ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਜਾਂਚਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਝੂਠ ਦੀ ਪੋਲ ਇੱਥੇ ਮੌਜੂਦ ਮਰੀਜ਼ਾਂ ਅਤੇ ਸਿਹਤ ਕਰਮਚਾਰੀਆਂ ਨੇ ਹੀ ਖੋਲ੍ਹ ਦਿੱਤੀ ਹੈ। ਨਿਰੀਖਣ ਦੌਰਾਨ ਮੰਤਰੀ ਨੇ ਦਵਾਈਆਂ ਦੇ ਸਟੋਰਾਂ ਦਾ ਵੀ ਜਾਇਜ਼ਾ ਲਿਆ ਅਤੇ ਉਪਲਬਧ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 100 ਤੋਂ ਵੱਧ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਕਈ ਤਰ੍ਹਾਂ ਦੇ ਮੈਡੀਕਲ ਟੈਸਟ ਵੀ ਬਿਨਾਂ ਕਿਸੇ ਖਰਚੇ ਦੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅੱਜ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਬਿਨਾਂ ਆਰਥਿਕ ਬੋਝ ਦੇ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਮਾਨੂਪੁਰ ਦੇ ਐਸ.ਐਮ.ਓ ਡਾ. ਸੁਦੀਪ ਸਿੱਧੂ ਦੀਆਂ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ।ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਘਬਰਾਈ ਹੋਈ ਹੈ। ਇਸੇ ਲਈ ਏ.ਆਈ ਤਕਨੀਕ ਅਤੇ ਐਡਿਟ ਕੀਤੀਆਂ ਵੀਡੀਓਜ਼ ਰਾਹੀਂ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹਨ ਅਤੇ ਅਜਿਹੇ ਸਿਆਸੀ ਹਥਕੰਡਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਪਹੁੰਚ ਰਹੇ ਮਰੀਜ਼ਾਂ ਦੀ ਵੱਡੀ ਗਿਣਤੀ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਕ੍ਰਾਂਤੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵਿਰੋਧੀ ਧਿਰ ਦੇ ਝੂਠੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਟਿਕ ਨਹੀਂ ਰਹੇ।ਇਸ ਮੌਕੇ ਮੰਤਰੀ ਦੇ ਨਾਲ ਖੰਨਾ ਦੇ ਐਸ.ਐਮ.ਓ ਡਾ. ਭਸੀਨ, ਮਾਨੂਪੁਰ ਦੇ ਐਸ.ਐਮ.ਓ ਡਾ. ਸੁਦੀਪ ਸਿੱਧੂ, ਹੋਰ ਪਾਰਟੀ ਆਗੂ ਵੀ ਮੌਜੂਦ ਸਨ।
