ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ .

*ਦਰਬਾਰ ਸਾਹਿਬ ਨਤਮਸਤਕ ਹੋਏ ਤਰੁਣ ਚੁੱਘ ਤੇ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ* 

 *ਪਾਕਿਸਤਾਨ 'ਚ ਸਿੱਖਾਂ ਦੇ ਕਤਲ ਦੀ ਭਾਜਪਾ ਵੱਲੋਂ ਨਿੰਦਾ, ਕੇਂਦਰ ਨੂੰ ਸਾਂਝਾ ਪੱਤਰ ਲਿਖਣ ਦਾ ਐਲਾਨ* 

 *ਅਕਾਲ ਤਖ਼ਤ ਸਾਹਿਬ ਦੇ ਫੈਸਲੇ 'ਤੇ ਸਵਾਲ ਚੁੱਕਣਾ ਮੰਦਭਾਗਾ: ਭਗਵੰਤ ਮਾਨ 'ਤੇ ਵਰ੍ਹੇ ਤਰੁਣ ਚੁੱਘ* 


 *2027 ਦੀਆਂ 117 ਸੀਟਾਂ 'ਤੇ ਲੜੇਗੀ ਭਾਜਪਾ, ਪੰਜਾਬ 'ਚ ਸਰਕਾਰ ਬਣਾਉਣ ਦਾ ਕੀਤਾ ਦਾਅਵਾ* 



ਅੰਮ੍ਰਿਤਸਰ, 18 ਜੂਨ  ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਗ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਗ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਅਤੇ ਨਾਨਕ ਨਾਮ ਲੇਵਾ ਸੰਗਤ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਹਨ। ਉਨ੍ਹਾਂ ਕਿਹਾ ਕਿ ਇਹ ਉਹ ਪਵਿੱਤਰ ਅਸਥਾਨ ਹੈ ਜਿੱਥੋਂ ਸੰਗਤਾਂ ਦੀਆਂ ਝੋਲੀਆਂ ਭਰਦੀਆਂ ਹਨ ਅਤੇ ਮਾਨਵਤਾ ਨੂੰ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੀ ਤਰੱਕੀ, ਵਿਸ਼ਵ ਭਲਾਈ ਅਤੇ ਵਿਕਸਿਤ ਭਾਰਤ ਦੀ ਕਾਮਯਾਬੀ ਲਈ ਅਰਦਾਸ ਕੀਤੀ ਹੈ। ਪਾਕਿਸਤਾਨ ਵਿੱਚ ਦੋ ਸਿੱਖ ਸੇਵਾਦਾਰਾਂ ਦੇ ਕਤਲ ਦੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਤਰੁਣ ਚੁੱਗ ਨੇ ਘਟਨਾ ਦੀ ਸਖ਼ਤ ਨਿੰਦਾ ਕੀਤੀ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਅਤੇ ਸਿੱਖ ਭਾਈਚਾਰੇ 'ਤੇ ਲਗਾਤਾਰ ਜ਼ੁਲਮ ਹੋ ਰਹੇ ਹਨ ਅਤੇ ਉੱਥੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਰਕਾਰ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਨੂੰ ਸਾਂਝਾ ਪੱਤਰ ਲਿਖ ਕੇ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਮੰਗ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵਿਵਾਦਤ ਵੀਡੀਓ ਅਤੇ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਤਰੁਣ ਚੁੱਗ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਧਾਰਮਿਕ ਅਸਥਾਨ ਹੈ ਅਤੇ ਇਸ ਦੇ ਫੈਸਲਿਆਂ ਨੂੰ ਚੁਣੌਤੀ ਦੇਣਾ ਬਹੁਤ ਹੀ ਮੰਦਭਾਗਾ ਹੈ।


ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਆਪਣੀਆਂ ਗਲਤੀਆਂ ਲੁਕਾਉਣ ਲਈ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਨੂੰ ਚੁਣੌਤੀ ਦੇ ਰਹੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੇ ਪੰਜਾਬ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਤਰੁਣ ਚੁੱਗ ਨੇ ਕਿਹਾ ਕਿ ਉਹ 20 ਤਰੀਕ ਨੂੰ ਪੰਜਾਬ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਦੀਆਂ 117 ਸੀਟਾਂ 'ਤੇ ਪੂਰੀ ਤਾਕਤ ਨਾਲ ਚੋਣ ਲੜੇਗੀ ਅਤੇ ਸਰਕਾਰ ਬਣਾਉਣ ਲਈ ਤਿਆਰ ਹੈ। ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਤਰੁਣ ਚੁੱਗ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲਿਆਂ ਖ਼ਿਲਾਫ਼ ਮੁਹਿੰਮ ਚਲਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਭਾਜਪਾ ਸਮਾਜ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਕੰਮ ਕਰੇਗੀ।