ਮਾਝੇ ਲਈ ਵੱਡਾ ਤੋਹਫ਼ਾ .
ਚੰਡੀਗੜ੍ਹ 20 ਜੂਨ : ਪੰਜਾਬ ਦੇ ਮਾਝਾ ਖੇਤਰ ਲਈ ਇਕ ਇਤਿਹਾਸਕ ਉਪਲੱਬਧੀ ਵਜੋਂ ਕੇਂਦਰ ਸਰਕਾਰ ਨੇ ਲੰਬੇ ਸਮੇਂ ਤੋਂ ਲਟਕੇ ਕਾਦੀਆਂ–ਬਿਆਸ ਨਵੇਂ ਰੇਲ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਰੇਲ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਖੇਤਰੀ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਕਾਦੀਆਂ–ਬਿਆਸ ਰੇਲ ਲਿੰਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਰੀਬ 39.68 ਕਿਲੋਮੀਟਰ ਲੰਬੀ ਇਸ ਬ੍ਰਾਡ ਗੇਜ ਰੇਲ ਲਾਈਨ ਦੀ ਅਨੁਮਾਨਿਤ ਲਾਗਤ ਕਰੀਬ 1,400 ਕਰੋੜ ਹੈ। ਪ੍ਰਸਤਾਵਿਤ ਰੇਲ ਮਾਰਗ ਕਾਦੀਆਂ, ਧਪਾਈ, ਘੁਮਾਣ, ਬੁਤਾਲਾ, ਸਠਿਆਲਾ ਤੇ ਬਿਆਸ ਵਰਗੇ ਮਹੱਤਵਪੂਰਨ ਕਸਬਿਆਂ ਅਤੇ ਪਿੰਡਾਂ ’ਚੋਂ ਲੰਘੇਗਾ।
