ਬਠਿੰਡਾ 'ਚ ਹੋਮਿਓ ਕਲੀਨਿਕ ਦੇ ਵੇਹੜੇ 'ਚ ਸੁੱਟਿਆ ਪੈਟਰੋਲ ਬੰਬ .

ਪੁਲਿਸ ਜਾਂਚ ਤੇਜ਼, ਫੋਰੇਂਸਿਕ ਮਾਹਿਰਾਂ ਦੀਆਂ ਟੀਮਾਂ ਵੀ ਪੁੱਜੀਆਂ

ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਠਿੰਡਾ ਫੇਰੀ ਦੌਰਾਨ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੇ ਵਿਚਕਾਰ ਸੋਮਵਾਰ ਰਾਤ ਨੂੰ ਮੇਲਾ ਰਾਮ ਰੋਡ ’ਤੇ ਇੱਕ ਹੋਮਿਓਪੈਥਿਕ ਕਲੀਨਿਕ ਦੇ ਬਾਹਰਲੇ ਵੇਹੜੇ ਵਿੱਚ ਪੈਟਰੋਲ ਬੰਬ ਨਾਲ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਕਲੀਨਿਕ ਹਾਲ ਹੀ ਵਿੱਚ ਉਦਘਾਟਨ ਕੀਤੇ ਗਏ ਆਰਐਸਐਸ ਦੇ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਹੈ, ਜਿਸ ਕਾਰਨ ਇਲਾਕੇ ਵਿੱਚ ਸਥਿਤੀ ਬੇਹੱਦ ਸੰਵੇਦਨਸ਼ੀਲ ਬਣ ਗਈ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪੁਲੀਸ ਵੱਲੋਂ ਜਾਂਚ ਤੇਜ਼
ਇਹ ਕਲੀਨਿਕ ਡਾ. ਤਰਸੇਮ ਗਰਗ ਵੱਲੋਂ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਪਰਿਵਾਰ ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ (AAP) ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜਿਆ ਸੀ। ਪੈਟਰੋਲ ਬੰਬ ਕਲੀਨਿਕ ਦੀ ਇੱਕ ਖਿੜਕੀ ਨਾਲ ਜਾ ਟਕਰਾਇਆ, ਜਿਸ ਕਾਰਨ ਉੱਥੇ ਸੜਨ ਦੇ ਨਿਸ਼ਾਨ ਪੈ ਗਏ ਅਤੇ ਵੇਹੜੇ ਵਿੱਚ ਖੜ੍ਹੀ ਇੱਕ ਸਕੂਟਰੀ ਤੇ ਕੁਝ ਪੌਦਿਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਆਈ.ਜੀ. ਹਰਜੀਤ ਸਿੰਘ, ਐੱਸ.ਐੱਸ.ਪੀ. ਜਯੋਤੀ ਯਾਦਵ ਸਮੇਤ ਕਈ ਸੀਨੀਅਰ ਪੁਲੀਸ ਅਧਿਕਾਰੀ ਮੌਕੇ 'ਤੇ ਪਹੁੰਚੇ। 
ਕਲੀਨਿਕ ਦੇ ਮਾਲਕ ਡਾ. ਤਰਸੇਮ ਗਰਗ ਨੇ ਦੱਸਿਆ ਕਿ ਘਟਨਾ ਦੇ ਸਮੇਂ ਕਲੀਨਿਕ ਵਿੱਚ ਦੋ ਮੁਲਾਜ਼ਮ ਮੌਜੂਦ ਸਨ, ਜਿਨ੍ਹਾਂ ਨੇ ਫ਼ੋਨ ’ਤੇ ਉਨ੍ਹਾਂ ਨੂੰ ਧਮਾਕੇ ਅਤੇ ਅੱਗ ਲੱਗਣ ਦੀ ਸੂਚਨਾ ਦਿੱਤੀ। ਮੁਲਾਜ਼ਮਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਅੱਗ 'ਤੇ ਕਾਬੂ ਪਾਇਆ। ਡਾ. ਗਰਗ ਮੁਤਾਬਕ ਜਦੋਂ ਉਨ੍ਹਾਂ ਨੇ ਕਲੀਨਿਕ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ, ਤਾਂ ਉਸ ਵਿੱਚ ਦੋ ਅਣਪਛਾਤੇ ਨੌਜਵਾਨ ਪੈਟਰੋਲ ਬੰਬ ਨੂੰ ਅੱਗ ਲਗਾ ਕੇ ਕਲੀਨਿਕ ਵੱਲ ਸੁੱਟਦੇ ਹੋਏ ਸਾਫ਼ ਦਿਖਾਈ ਦੇ ਰਹੇ ਹਨ।

ਫੋਰੈਂਸਿਕ ਮਾਹਰਾਂ ਦੀਆਂ ਟੀਮਾਂ ਮੌਜੂਦ
ਇਸ ਮਾਮਲੇ ਬਾਰੇ ਗੱਲ ਕਰਦਿਆਂ ਐੱਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਨਗਰ ਦੇ ਮੇਲਾ ਰਾਮ ਰੋਡ ’ਤੇ ਦੋ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਇਤਲਾਹ ਮਿਲਦੇ ਹੀ ਪੁਲੀਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲੀਸ ਦੇ ਹੱਥ ਕੁਝ ਅਹਿਮ ਸੁਰਾਗ ਲੱਗੇ ਹਨ, ਪਰ ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਅਜੇ ਉਨ੍ਹਾਂ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।

ਦੂਜੇ ਪਾਸੇ ਐੱਸ.ਐੱਸ.ਪੀ. ਜਯੋਤੀ ਯਾਦਵ ਨੇ ਦੱਸਿਆ ਕਿ ਸੀ.ਆਈ.ਏ. ਅਤੇ ਫੋਰੈਂਸਿਕ ਮਾਹਰਾਂ ਦੀਆਂ ਟੀਮਾਂ ਨੇ ਮੌਕੇ ਤੋਂ ਸੈਂਪਲ ਇਕੱਠੇ ਕਰ ਲਏ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਰਾਤ ਨੂੰ ਹੀ ਬਠਿੰਡਾ ਪਹੁੰਚ ਗਏ ਸਨ ਅਤੇ ਮੰਗਲਵਾਰ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਤਿੰਨ ਵੱਖ-ਵੱਖ ਪ੍ਰੋਗਰਾਮ ਤੈਅ ਹਨ। ਮੁੱਖ ਮੰਤਰੀ ਦੀ ਆਮਦ ਦੌਰਾਨ ਸ਼ਹਿਰ ਦੇ ਅਤਿ-ਸੁਰੱਖਿਅਤ ਖੇਤਰ ਦੇ ਨੇੜੇ ਹੋਈ ਇਸ ਬੰਬ ਸੁੱਟਣ ਦੀ ਘਟਨਾ ਨੇ ਪੁਲੀਸ ਪ੍ਰਸ਼ਾਸਨ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।