ਮੰਤਰੀ ਮੁੰਡੀਆਂ ਨੇ ਸਮੱਸਿਆਵਾਂ ਸੁਣੀਆਂ.

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ (GLADA) ਦੇ ਕੰਮਾਂ ਦੀ ਸਮੀਖਿਆ; ਲੋਕਾਂ ਅਤੇ ਕਾਲੋਨਾਈਜ਼ਰਾਂ ਦੀਆਂ ਸਮੱਸਿਆਵਾਂ ਸੁਣੀਆਂ

 ਖੰਨਾ /ਲੁਧਿਆਣਾ, 24 ਜੂਨ:ਮਨਜੀਤ ਸਿੰਘ ਧੀਮਾਨ 
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ  ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਐੇਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਇਸ ਦੌਰਾਨ ਉਨ੍ਹਾਂ ਨੇ ਵਿਕਾਸ ਕਾਰਜਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਆਮ ਲੋਕਾਂ ਅਤੇ ਕਾਲੋਨਾਈਜ਼ਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਜਾਇਜ਼ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ 'ਤੇ ਦੇਖਣ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗਲਾਡਾ ਦਾ ਕੰਮ ਪਾਰਦਰਸ਼ੀ, ਜ਼ਿੰਮੇਵਾਰ ਅਤੇ ਲੋਕ-ਪੱਖੀ ਹੋਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਸਹੂਲਤ ਮਿਲੇ ਅਤੇ ਉਨ੍ਹਾਂ ਦੇ ਜਾਇਜ਼ ਕੰਮ ਆਸਾਨੀ ਨਾਲ ਪੂਰੇ ਹੋ ਸਕਣ। ਮੰਤਰੀ  ਮੁੰਡੀਆਂ ਨੇ ਵਿਕਾਸ ਪ੍ਰੋਜੈਕਟਾਂ ਨੂੰ ਵਧੀਆ ਕੁਆਲਿਟੀ (ਮਿਆਰ) ਦੇ ਨਾਲ ਸਮੇਂ ਸਿਰ ਪੂਰਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇੰਜੀਨੀਅਰਿੰਗ ਵਿੰਗ ਨੂੰ ਕੰਮ ਦੀ ਰਫ਼ਤਾਰ 'ਤੇ ਨਜ਼ਰ ਰੱਖਣ, ਆਉਣ ਵਾਲੀਆਂ ਰੁਕਾਵਟਾਂ ਨੂੰ ਪਹਿਲਾਂ ਹੀ ਦੂਰ ਕਰਨ ਅਤੇ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਾਫ਼-ਸੁਥਰੀ, ਚੰਗੀ ਅਤੇ ਲੋਕ-ਪੱਖੀ ਸ਼ਾਸਨ ਪ੍ਰਣਾਲੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਨਿਭਾਉਣ ਲਈ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਨਤਾ ਲਈ ਹਮੇਸ਼ਾ ਹਾਜ਼ਰ ਰਹਿਣ ਤਾਂ ਜੋ ਲੋਕਾਂ ਦੇ ਜਾਇਜ਼ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕੀਤੇ ਜਾ ਸਕਣ। ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰੀ ਦੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦਾ ਭਰੋਸਾ ਦਿੱਤਾ।