ਸਮੀਖਿਆ ਮੀਟਿੰਗ.

*ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਤੱਕ ਸਰਕਾਰੀ ਭਲਾਈ ਸਕੀਮਾਂ ਦੀ ਪੂਰੀ ਪਹੁੰਚ ਯਕੀਨੀ ਬਣਾਈ ਜਾਵੇ --ਥਿੰਦ*

*ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਬੱਚਤ ਭਵਨ ਲੁਧਿਆਣਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ*

ਖੰਨਾ /ਲੁਧਿਆਣਾ, 25 ਜੂਨ (ਮਨਜੀਤ ਸਿੰਘ ਧੀਮਾਨ )--
ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ  ਮਲਕੀਤ ਥਿੰਦ ਨੇ ਵੀਰਵਾਰ ਨੂੰ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਬੀ.ਸੀ. (ਪੱਛੜੀਆਂ ਸ਼੍ਰੇਣੀਆਂ) ਸਮਾਜ ਨਾਲ ਸਬੰਧਤ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੇ ਜਾਣ ਦੀ ਸਮੀਖਿਆ ਕਰਨਾ ਸੀ।
ਮੀਟਿੰਗ ਦੌਰਾਨ ਚੇਅਰਮੈਨ  ਮਲਕੀਤ ਥਿੰਦ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੁੰਦਾ ਹੈ ਜਦੋਂ ਹਰ ਯੋਗ ਵਿਅਕਤੀ ਤੱਕ ਇਹਨਾਂ ਦਾ ਲਾਭ ਪਹੁੰਚਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਸੀ. ਵਰਗ ਨਾਲ ਸਬੰਧਤ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਅਤੇ ਸਮੇਂ-ਸਿਰ ਲਾਭ ਦਿੱਤਾ ਜਾਵੇ। ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਹੁਣ ਤਕ ਸਰਕਾਰੀ ਸਕੀਮਾਂ ਦੇ ਤਹਿਤ ਦਿੱਤੇ ਗਏ ਲਾਭਾਂ ਦੀ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ ਅਤੇ ਅੰਕੜਿਆਂ ਦੇ ਆਧਾਰ ’ਤੇ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਥਾਵਾਂ ’ਤੇ ਉਜਾਗਰ ਹੋਈਆਂ ਕਮੀਆਂ ਸਬੰਧੀ ਅਧਿਕਾਰੀਆਂ ਨੂੰ ਇਹਨਾਂ ਨੂੰ ਤੁਰੰਤ ਦੂਰ ਕਰਨ ਦੇ ਸਪਸ਼ਟ ਨਿਰਦੇਸ਼ ਦਿੱਤੇ।ਮੀਟਿੰਗ ਦੌਰਾਨ ਚੇਅਰਮੈਨ  ਮਲਕੀਤ ਥਿੰਦ ਨੇ ਬੀ.ਸੀ. ਸਮਾਜ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਵੀ ਕੀਤਾ। ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵ ਧਿਆਨ ਨਾਲ ਸੁਣੇ। ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਨੂੰ ਨਿਰਧਾਰਤ ਸਮੇਂ ਅੰਦਰ ਹੱਲ ਕਰਨ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਆਪਕ ਤੌਰ ’ਤੇ ਫੈਲਾਈ ਜਾਵੇ ਤਾਂ ਜੋ ਬੀ.ਸੀ. ਸਮਾਜ ਦਾ ਹਰ ਵਰਗ ਇਨ੍ਹਾਂ ਸਕੀਮਾਂ ਬਾਰੇ ਜਾਣੂ ਹੋ ਸਕੇ ਅਤੇ ਬਿਨਾਂ ਕਿਸੇ ਦਫ਼ਤਰੀ ਔਖਿਆਈ ਦੇ ਲਾਭ ਪ੍ਰਾਪਤ ਕਰ ਸਕੇ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਹੇਮਰਾਜ ਰਾਜੀ, ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ, ਜ਼ਿਲ੍ਹਾ ਮਾਲ ਅਫ਼ਸਰ ਪ੍ਰਦੀਪ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਹਰਪਾਲ ਸਿੰਘ ਗਿੱਲ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਬੀ.ਸੀ. ਸਮਾਜ ਦੇ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਭਾਗ ਲਿਆ।