ਪਹਿਲੀ ਜੁਲਾਈ ਨੂੰ 1500 ਕਰੋੜ ਦਾ ਨਵਾਂ ਕਰਜ਼ਾ ਚੁੱਕੇਗੀ ਪੰਜਾਬ ਸਰਕਾਰ .

ਪੰਜਾਬ ਸਰਕਾਰ ਪਹਿਲੀ ਜੁਲਾਈ ਨੂੰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਤੋਂ ਪਹਿਲਾਂ 1500 ਕਰੋੜ ਰੁਪਏ ਦਾ ਹੋਰ ਨਵਾਂ ਕਰਜ਼ਾ ਚੁੱਕੇਗੀ ਜਦੋਂ ਕਿ ਜੂਨ ’ਚ ਪਹਿਲਾਂ ਹੀ ਇੱਕ ਹਜ਼ਾਰ ਕਰੋੜ ਦਾ ਕਰਜ਼ ਲਿਆ ਹੋਇਆ ਹੈ। ਨਵੇਂ ਕਰਜ਼ੇ ਸਮੇਤ ਇਕੱਲੇ ਜੂਨ ਮਹੀਨੇ ਦਾ ਕਰਜ਼ਾ ਹੀ 2500 ਕਰੋੜ ਰੁਪਏ ਹੋ ਜਾਣਾ ਹੈ। ਚਾਲੂ ਵਿੱਤੀ ਸਾਲ 2026-27 ਦੇ ਪਹਿਲੇ ਦੋ ਮਹੀਨਿਆਂ ਦੌਰਾਨ 5300 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਲੈ ਚੁੱਕੀ ਹੈ। ਜੂਨ ਮਹੀਨੇ ਸਮੇਤ ਪਹਿਲੀ ਤਿਮਾਹੀ ਦਾ ਕਰਜ਼ਾ ਹੀ ਕੁੱਲ 7800 ਕਰੋੜ ਦਾ ਹੋ ਜਾਣਾ ਹੈ।

ਪੰਜਾਬ ਸਰਕਾਰ ਪਲਾਨ ਸਕੀਮਾਂ ਤੇ ਵਿਕਾਸ ਸਕੀਮਾਂ ਲਈ ਪੂੰਜੀਗਤ ਖ਼ਰਚੇ ਵਜੋਂ ਇੱਕ ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਚਾਰ ਸਾਲ ਦੀ ਮਿਆਦ ਲਈ ਅਤੇ 500 ਕਰੋੜ ਦਾ ਕਰਜ਼ਾ 13 ਸਾਲ ਦੀ ਮਿਆਦ ਲਈ ਚੁੱਕ ਰਹੀ ਹੈ। ਸੂਬਾ ਸਰਕਾਰ ਨੇ ਅਪਰੈਲ ਮਹੀਨੇ 2800 ਕਰੋੜ ਰੁਪਏ ਤੇ ਮਈ ਮਹੀਨੇ 2500 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਸੀ। ਸੂਬਾ ਸਰਕਾਰ ਦੀ ਵਿੱਤੀ ਸਥਿਤੀ ਕਿਸੇ ਤੋਂ ਗੁੱਝੀ ਨਹੀਂ ਹੈ ਅਤੇ ਸੂਬਾ ਸਰਕਾਰ ਦੀ ਕਰਜ਼ੇ ’ਤੇ ਨਿਰਭਰਤਾ ਵਧ ਰਹੀ ਹੈ।
ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ ਮਾਰਕੀਟ ਉਧਾਰ ਜ਼ਰੀਏ 43,798.38 ਕਰੋੜ ਰੁਪਏ ਦਾ ਕਰਜ਼ਾ ਚੁੱਕਣਾ ਚਾਹੁੰਦੀ ਹੈ। ਅਗਾਮੀ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਅਤੇ ਪਹਿਲੀ ਜੁਲਾਈ ਤੋਂ ਸੂਬਾ ਸਰਕਾਰ ਔਰਤਾਂ ਨੂੰ ਮਾਸਿਕ 1000 ਰੁਪਏ ਅਤੇ ਐੱਸ ਸੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਮਾਣ ਭੱਤਾ ਦੇਣਾ ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਕਰੀਬ 36 ਲੱਖ ਔਰਤਾਂ ਨੇ ਰਜਿਸਟ੍ਰੇਸ਼ਨ ਕਰਾ ਲਈ ਹੈ ਜਦੋਂ ਕਿ ਇਸ ਦਾ ਲਾਭ ਕਰੀਬ 52 ਲੱਖ ਔਰਤਾਂ ਨੂੰ ਦਿੱਤਾ ਜਾਣਾ ਹੈ।

ਪੰਜਾਬ ਸਰਕਾਰ ਨੇ ਸਾਲ 2026-27 ਦੇ ਬਜਟ ’ਚ ਇਸ ਉਪਰੋਕਤ ਸਕੀਮ ਲਈ 9300 ਕਰੋੜ ਰੁਪਏ ਰਾਖਵੇਂ ਰੱਖੇ ਹਨ। ਪਿਛਾਂਹ ਨਜ਼ਰ ਮਾਰੀਏ ਤਾਂ ‘ਆਪ’ ਦੇ ਸੱਤਾ ਵਿੱਚ ਆਉਣ ਸਮੇਂ ਪੰਜਾਬ ’ਤੇ ਕਰਜ਼ਾ 2.82 ਲੱਖ ਕਰੋੜ ਦਾ ਸੀ ਜੋ ਕਿ 31 ਮਾਰਚ 2026 ਨੂੰ ਚਾਰ ਲੱਖ ਕਰੋੜ ਨੂੰ ਪਾਰ ਕਰ ਗਿਆ ਹੈ। 31 ਮਾਰਚ 2027 ਤੱਕ ਇਹੋ ਕਰਜ਼ਾ 4.47 ਲੱਖ ਕਰੋੜ ਤੱਕ ਪਹੁੰਚਣ ਦਾ ਅਨੁਮਾਨ ਹੈ। ਕਾਂਗਰਸ ਹਕੂਮਤ ਵੇਲੇ 2017-18 ’ਚ ਪੰਜਾਬ ’ਤੇ ਕਰਜ਼ਾ 1.82 ਲੱਖ ਕਰੋੜ ਰੁਪਏ ਦਾ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਗਾਤਾਰ ਇਹੋ ਆਖ ਰਹੇ ਹਨ ਕਿ ਵਿਰਾਸਤੀ ਕਰਜ਼ਾ ਉਤਾਰਨ ਲਈ ਨਵਾਂ ਕਰਜ਼ਾ ਚੁੱਕਣਾ ਪੈ ਰਿਹਾ ਹੈ। ਉਹ ਦਾਅਵਾ ਕਰਦੇ ਹਨ ਕਿ ਸੂਬੇ ਦੀ ਵਿੱਤੀ ਸਥਿਤੀ ’ਚ ਕਾਫ਼ੀ ਸੁਧਾਰ ਹੋ ਰਿਹਾ ਹੈ। ਪੰਜਾਬ ਸਰਕਾਰ ਤੈਅ ਸੀਮਾ ’ਚ ਹੀ ਕਰਜ਼ਾ ਚੁੱਕ ਰਹੀ ਹੈ। ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਕਰਜ਼ੇ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰ ਰਹੇ ਹਨ ਅਤੇ ਸੱਤਾਧਾਰੀ ਧਿਰ ਇਸ ਮਾਮਲੇ ’ਚ ਪੁਰਾਣੀਆਂ ਸਿਆਸੀ ਧਿਰਾਂ ਨੂੰ ਹੀ ਜ਼ਿੰਮੇਵਾਰ ਦੱਸ ਰਹੀ ਹੈ।