ਸੰਜੀਵ ਅਰੋੜਾ ਦੀ ਨਿਆਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ.
ਗੁਰੂਗ੍ਰਾਮ : ਇਥੋਂ ਦੀ ਇੱਕ ਅਦਾਲਤ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਤ ਮਾਮਲੇ ਵਿੱਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ।
ਇਸ ਫ਼ੈਸਲੇ ਤੋਂ ਬਾਅਦ ਸੰਜੀਵ ਅਰੋੜਾ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਸੰਜੀਵ ਅਰੋੜਾ ਨੂੰ ਸੁਰੱਖਿਆ ਕਾਰਨਾਂ ਕਰਕੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਸੁਣਵਾਈ ਦੌਰਾਨ ਜਾਂਚ ਏਜੰਸੀ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 14 ਦਿਨ ਲਈ ਹੋਰ ਵਧਾ ਦਿੱਤੀ।
ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਹਾਲੇ ਜਾਰੀ ਹੈ ਅਤੇ ਇਸ ਪੜਾਅ ’ਤੇ ਨਿਆਂਇਕ ਹਿਰਾਸਤ ਨੂੰ ਜਾਰੀ ਰੱਖਣਾ ਜ਼ਰੂਰੀ ਹੈ। ਇਸ ਲਈ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਹੀ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ। ਉਸ ਦਿਨ ਅਦਾਲਤ ਮਾਮਲੇ ਦੀ ਪ੍ਰਗਤੀ ਦੀ ਸਮੀਖਿਆ ਕਰੇਗੀ ਅਤੇ ਅਗਲੇ ਹੁਕਮ ਜਾਰੀ ਕਰੇਗੀ।
ਸੰਜੀਵ ਅਰੋੜਾ ਦਾ ਮਾਮਲਾ ਕਥਿਤ ਜ਼ਮੀਨ ਘੁਟਾਲੇ ਅਤੇ ਧੋਖਾਧੜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ 'ਤੇ ਦੋਸ਼ ਹੈ ਕਿ ਜ਼ਮੀਨ ਦੇ ਇੱਕ ਸੌਦੇ ਦੌਰਾਨ ਜਾਅਲੀ ਦਸਤਾਵੇਜ਼ਾਂ ਅਤੇ ਕਥਿਤ ਸਾਜ਼ਿਸ਼ ਰਾਹੀਂ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਗਈ।
ਇਸ ਮਾਮਲੇ ਦੀ ਜਾਂਚ ਦੌਰਾਨ ਜਾਂਚ ਏਜੰਸੀਆਂ ਨੇ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਪੁਲੀਸ ਰਿਮਾਂਡ 'ਤੇ ਭੇਜਿਆ ਅਤੇ ਪੁੱਛਗਿੱਛ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਉਦੋਂ ਤੋਂ ਸਮੇਂ-ਸਮੇਂ 'ਤੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਧਾਈ ਜਾ ਰਹੀ ਹੈ। ਮਾਮਲੇ ਦੀ ਜਾਂਚ ਅਤੇ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਅਦਾਲਤ ਵਿੱਚ ਚਾਰਜਸ਼ੀਟ ਅਤੇ ਹੋਰ ਸਬੂਤਾਂ 'ਤੇ ਸੁਣਵਾਈ ਹੋਣੀ ਬਾਕੀ ਹੈ।
