ਹਰਜੀਤ ਰਾਣੋ ਕਾਂਗਰਸ ਮਹਿਲਾ ਵਿੰਗ ਦੇ ਕੋ-ਆਰਡੀਨੇਟਰ ਬਣੇ .
ਗਾਇਕਾ ਹਰਜੀਤ ਰਾਣੋ ਬਣੇ ਕਾਂਗਰਸ ਮਹਿਲਾ ਵਿੰਗ ਦੇ ਹਲਕਾ ਖੰਨਾ ਕੋ-ਆਰਡੀਨੇਟਰ
ਕਾਂਗਰਸ ਪਾਰਟੀ ਦੀ ਮਜ਼ਬੂਤੀ ਵਿੱਚ ਮਹਿਲਾ ਕਾਂਗਰਸ ਦੀ ਭੂਮਿਕਾ ਅਹਿਮ: ਗੁਰਕੀਰਤ ਸਿੰਘ ਕੋਟਲੀ
ਖੰਨਾ (ਮਨਜੀਤ ਸਿੰਘ ਧੀਮਾਨ): ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਲਗਾਤਾਰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪ੍ਰਸਿੱਧ ਪੰਜਾਬੀ ਗਾਇਕਾ ਹਰਜੀਤ ਰਾਣੋ (ਹਰਜੀਤ ਕੌਰ) ਨੂੰ ਵਿਧਾਨ ਸਭਾ ਹਲਕਾ ਖੰਨਾ ਲਈ ਕਾਂਗਰਸ ਮਹਿਲਾ ਵਿੰਗ ਦਾ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਸਮਰਪਿਤ ਵਰਕਰਾਂ ਨੂੰ ਬਣਦਾ ਮਾਣ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਸੰਗਠਨ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਹਰਜੀਤ ਰਾਣੋ ਆਪਣੀ ਨਿਸ਼ਠਾ, ਮਿਹਨਤ ਅਤੇ ਇਮਾਨਦਾਰੀ ਨਾਲ ਹਲਕਾ ਖੰਨਾ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਨਿਰਾਸ਼ ਹੋ ਚੁੱਕੀ ਹੈ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲਗਾਤਾਰ ਉਠਾ ਰਹੀ ਹੈ ਅਤੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਨਿਯੁਕਤੀ ਤੋਂ ਬਾਅਦ ਹਰਜੀਤ ਰਾਣੋ ਨੇ ਪਾਰਟੀ ਹਾਈਕਮਾਨ ਅਤੇ ਗੁਰਕੀਰਤ ਸਿੰਘ ਕੋਟਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਹ ਮਹਿਲਾਵਾਂ ਨੂੰ ਵੱਧ ਤੋਂ ਵੱਧ ਕਾਂਗਰਸ ਪਾਰਟੀ ਨਾਲ ਜੋੜਨ ਅਤੇ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਬਲਾਕ ਕਾਂਗਰਸ ਖੰਨਾ ਸ਼ਹਿਰ ਦੇ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ, ਬਲਾਕ ਕਾਂਗਰਸ ਖੰਨਾ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਗਾਇਕ ਸਾਗਰ ਬਰਨ, ਗਾਇਕ ਹੈਰੀ ਸੇਖੋਂ, ਹਰਿੰਦਰ ਸਿੰਘ ਰਿੰਟਾ, ਅਮਰੀਸ਼ ਕਾਲੀਆ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
