ਮਾਹਲਾ ਦਾ ਬਿਆਨ.
*ਪੰਜਾਬ ਤੇ ਕਾਂਗਰਸ ਦੋਵਾਂ ਨੂੰ ਬਚਾਉਣ ਲਈ ਚਰਨਜੀਤ ਚੰਨੀ ਨੂੰ ਬਣਾਇਆ ਜਾਵੇ ਮੁੱਖਮੰਤਰੀ ਚਿਹਰਾ - ਹਰਦੇਵ ਮਾਹਲਾ*
ਖੰਨਾ 4ਜੁਲਾਈ( ਮਨਜੀਤ ਸਿੰਘ ਧੀਮਾਨ( -ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਹਰਦੇਵ ਸਿੰਘ ਮਾਹਲਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਮੌਜੂਦਾ ਹਾਲਾਤਾਂ ਵਿੱਚੋਂ ਬਾਹਰ ਕੱਢ ਕੇ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲਿਆਉਣਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾਉਣੀ ਹੈ ਤਾਂ ਪਾਰਟੀ ਹਾਈਕਮਾਨ ਨੂੰ ਚਰਨਜੀਤ ਸਿੰਘ ਚੰਨੀ ਨੂੰ ਪਹਿਲਾਂ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਪੱਧਰਾਂ 'ਤੇ ਹੋ ਰਹੇ ਸਰਵੇਖਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਲੋਕਾਂ ਦਾ ਸਭ ਤੋਂ ਵੱਧ ਸਮਰਥਨ ਮਿਲ ਰਿਹਾ ਹੈ। ਇਹ ਸਰਵੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਕੋਲ ਇਸ ਵੇਲੇ ਚੰਨੀ ਹੀ ਅਜਿਹਾ ਚਿਹਰਾ ਹਨ, ਜੋ ਹਰ ਵਰਗ ਦੇ ਲੋਕਾਂ ਵਿੱਚ ਪਸੰਦ ਕੀਤੇ ਜਾ ਰਹੇ ਹਨ ਅਤੇ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਦੀ ਸਮਰੱਥਾ ਰੱਖਦੇ ਹਨ। ਹਰਦੇਵ ਸਿੰਘ ਮਾਹਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ਲੋਕ ਇੱਕ ਤਜਰਬੇਕਾਰ, ਲੋਕਾਂ ਨਾਲ ਜੁੜੇ ਅਤੇ ਸਾਦਗੀਪਸੰਦ ਅਗਵਾਈ ਦੀ ਉਮੀਦ ਕਰ ਰਹੇ ਹਨ। ਹਰਦੇਵ ਮਾਹਲਾ ਦੇ ਅਨੁਸਾਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ, ਜਿਸ ਕਾਰਨ ਅੱਜ ਵੀ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਕਾਇਮ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਸਮੇਂ ਸਿਰ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੰਦੀ ਹੈ ਤਾਂ ਇਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਸੂਬੇ ਭਰ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਇਸ ਨਾਲ ਪਾਰਟੀ ਨੂੰ 2027 ਦੀਆਂ ਚੋਣਾਂ ਵਿੱਚ ਸਿੱਧਾ ਰਾਜਨੀਤਿਕ ਲਾਭ ਵੀ ਮਿਲ ਸਕਦਾ ਹੈ। ਮਾਹਲਾ ਨੇ ਕਿਹਾ ਕਿ ਹਾਈਕਮਾਨ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਅਜਿਹਾ ਫ਼ੈਸਲਾ ਲੈਣਾ ਚਾਹੀਦਾ ਹੈ, ਜੋ ਪਾਰਟੀ ਅਤੇ ਪੰਜਾਬ ਦੋਵਾਂ ਦੇ ਹਿੱਤ ਵਿੱਚ ਹੋਵੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜੇਕਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਚੋਣ ਮੈਦਾਨ ਵਿੱਚ ਉਤਰਦੀ ਹੈ ਤਾਂ ਪਾਰਟੀ 2027 ਵਿੱਚ ਪੂਰੇ ਬਹੁਮਤ ਨਾਲ ਸਰਕਾਰ ਬਣਾਉਣ ਵਿੱਚ ਸਫ਼ਲ ਰਹੇਗੀ।
