ਹਰੀ ਝੰਡੀ ਦਿਖਾਈ.
*ਡੀ.ਸੀ. ਹਿਮਾਂਸ਼ੂ ਜੈਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਦਸਤਾਵੇਜ਼ੀ ਵੈਨਾਂ ਨੂੰ ਜ਼ਿਲੇ ਦੇ ਪਿੰਡਾਂ ਵਿੱਚ ਪ੍ਰਚਾਰ ਕਰਨ ਲਈ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ*
*ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਦਿਖਾਈ ਜਾਵੇਗੀ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ: ਡੀ.ਸੀ ਹਿਮਾਂਸ਼ੂ ਜੈਨ*
*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ*
ਖੰਨਾ /ਲੁਧਿਆਣਾ, 7 ਜੁਲਾਈ ( ਮਨਜੀਤ ਸਿੰਘ ਧੀਮਾਨ)ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚਲਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦਸਤਾਵੇਜ਼ੀ ਫਿਲਮ ਪ੍ਰਦਰਸ਼ਿਤ ਕਰਨ ਵਾਲੀ ਇੱਕ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ, ਦਰਸ਼ਨ ਅਤੇ ਸਮਾਜ ਸੁਧਾਰ ਸੰਬੰਧੀ ਵਿਚਾਰਾਂ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਏਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਲਈ ਦੋ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ਦਸਤਾਵੇਜ਼ੀ ਵੈਨਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਵੈਨ ਹਰ ਰੋਜ਼ ਦੋ ਪਿੰਡਾਂ ਦਾ ਦੌਰਾ ਕਰੇਗੀ ਅਤੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਮਨੁੱਖਤਾ, ਸ਼ਰਧਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਜੋੜੇਗੀ। ਪਹਿਲੇ ਪੜਾਅ ਵਿੱਚ ਇਹ ਵੈਨਾਂ ਸਮਰਾਲਾ ਅਤੇ ਰਾਏਕੋਟ ਸਬ-ਡਿਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕਰਨਗੀਆਂ, ਜਿਸ ਤੋਂ ਬਾਅਦ ਮੁਹਿੰਮ ਨੂੰ ਜ਼ਿਲ੍ਹੇ ਦੇ ਹੋਰ ਖੇਤਰਾਂ ਤੱਕ ਵੀ ਵਿਸਥਾਰਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ਗਈਆਂ ਵੈਨਾਂ ਵਿੱਚ ਆਧੁਨਿਕ ਐਲ.ਈ.ਡੀ. ਸਕਰੀਨਾਂ ਅਤੇ ਆਡੀਓ-ਵਿਜ਼ੂਅਲ ਉਪਕਰਨ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਇਸ ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਘਰਸ਼, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਜਾਤ-ਪਾਤ ਦੇ ਖਾਤਮੇ, ਧਾਰਮਿਕ ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਹਿਮਾਂਸ਼ੂ ਜੈਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ, ਜਿੱਥੇ ਕਿਸੇ ਨਾਲ ਜਾਤ, ਧਰਮ ਜਾਂ ਵਰਗ ਦੇ ਆਧਾਰ 'ਤੇ ਭੇਦਭਾਵ ਨਾ ਹੋਵੇ ਅਤੇ ਹਰ ਮਨੁੱਖ ਨੂੰ ਬਰਾਬਰ ਦਾ ਸਨਮਾਨ ਮਿਲੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਉਤਨੀ ਹੀ ਪ੍ਰਸੰਗਿਕ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਉੱਚ ਆਦਰਸ਼ਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਹ ਦਸਤਾਵੇਜ਼ੀ ਮੁਹਿੰਮ ਨੌਜਵਾਨਾਂ ਵਿੱਚ ਸਮਾਜਿਕ ਜਾਗਰੂਕਤਾ, ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਸੰਤ ਮਹਾਂਪੁਰਖ ਦੀ ਅਮੀਰ ਆਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਸ ਲੜੀ ਵਿੱਚ ਦਸਤਾਵੇਜ਼ੀ ਵੈਨਾਂ ਰਾਹੀਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਅਤੇ ਸੰਦੇਸ਼ ਨਾਲ ਜਾਣੂ ਕਰਵਾਉਣਾ ਇੱਕ ਮਹੱਤਵਪੂਰਨ ਪਹਿਲ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ, ਖਾਸ ਕਰਕੇ ਨੌਜਵਾਨਾਂ, ਵਿਦਿਆਰਥੀਆਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਦਸਤਾਵੇਜ਼ੀ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ, ਸੱਚਾਈ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਮੁਹਿੰਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਉੱਚ ਆਦਰਸ਼ਾਂ ਤੋਂ ਪ੍ਰੇਰਿਤ ਕਰੇਗੀ ਅਤੇ ਸਮਾਜ ਵਿੱਚ ਆਪਸੀ ਸਦਭਾਵਨਾ, ਸਮਾਜਿਕ ਨਿਆਂ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।
*ਫੋਟੋ ਕੈਪਸ਼ਨ* *.ਡੀ. ਸੀ. ਹਿਮਾਂਸ਼ੂ ਜੈਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਦਸਤਾਵੇਜ਼ੀ ਵੈਨਾਂ ਨੂੰ ਜ਼ਿਲੇ ਦੇ ਪਿੰਡਾਂ ਵਿੱਚ ਪ੍ਰਚਾਰ ਕਰਨ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ* l
