ਜੀਵਨ ਤੇ ਸੰਦੇਸ਼.
*ਪ੍ਰਚਾਰ ਵੈਨ ਰਾਹੀਂ ਪਿੰਡ ਵਾਸੀਆਂ ਨੇ ਜਾਣਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਤੇ ਸੰਦੇਸ਼*
*ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ ਦੀ ਰਾਜ ਪੱਧਰੀ ਮੁਹਿੰਮ*
ਲੁਧਿਆਣਾ, 17 ਜੁਲਾਈ (ਧੀਮਾਨ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਹੇਰਿਆ, ਪਿੰਡ ਚੂਹੜਪੁਰ ਅਤੇ ਬਲਾਕ ਰਾਏਕੋਟ ਦੇ ਪਿੰਡ ਰਾਮਗੜ੍ਹ ਸਿਵੀਆਂ ਅਤੇ ਪਿੰਡ ਸ਼ਾਹਜਹਾਂਪੁਰ ਵਿਖੇ ਪਹੁੰਚੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।
ਪ੍ਰਚਾਰ ਵੈਨਾਂ ਰਾਹੀਂ ਹਰੇਕ ਪਿੰਡ ਵਿੱਚ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਆਧਿਆਤਮਿਕ ਵਿਚਾਰਧਾਰਾ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਡਾਕੂਮੈਂਟਰੀ ਨੇ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਅਤੇ ਸਮਾਜ ਸੁਧਾਰਕ ਵਿਚਾਰਾਂ ਨਾਲ ਨੇੜਿਓਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜੋੜਨ ਲਈ ਇਹ ਮੁਹਿੰਮ ਬਹੁਤ ਹੀ ਸਾਰਥਕ ਸਾਬਤ ਹੋ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਬਰਾਬਰੀ, ਸਾਂਝੀਵਾਲਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜਿਕ ਏਕਤਾ ਨੂੰ ਵੀ ਉਤਸ਼ਾਹਿਤ ਕਰਨਗੇ।
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਜਾਗਰੂਕਤਾ ਮੁਹਿੰਮ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਹੈ, ਜਿਸ ਦਾ ਉਦੇਸ਼ ਸ਼੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਫ਼ਲਸਫ਼ੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਹਰ ਵਰਗ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਸਦਭਾਵਨਾ ਅਤੇ ਸਮਾਜਿਕ ਨਿਆਂ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
*ਡੱਬੀ ਲਈ ਪ੍ਰਸਤਾਵਿਤ*
ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਹੇਡੋਂ ਢਾਹਾ ਵਿਖੇ ਸ਼ਾਮ 6:00 ਵਜੇ ਅਤੇ ਪਿੰਡ ਕੋਟਲਾ ਢੱਕ ਵਿਖੇ ਸ਼ਾਮ 7:00 ਅਤੇ ਬਲਾਕ ਰਾਏਕੋਟ ਦੇ ਪਿੰਡ ਗੋਬਿੰਦਗੜ੍ਹ ਵਿਖੇ ਸ਼ਾਮ 6:00 ਵਜੇ ਅਤੇ ਪਿੰਡ ਸ਼ਹਿਬਾਜਪੁਰਾ ਵਿਖੇ ਸ਼ਾਮ 7:00 ਵਜੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
