'ਪਰਵਾਸ' ਲੋਕ ਅਰਪਨ .
ਜੀ ਜੀ ਐੱਨ ਖ਼ਾਲਸਾ ਕਾਲਜ ਲੁਧਿਆਣਾ ਵਿਖੇ 'ਪਰਵਾਸ' ਮੈਗਜ਼ੀਨ ਡਾ. ਸ.ਪ.ਸਿੰਘ, ਗੁਰਭਜਨ ਗਿੱਲ, ਜਗਪਾਲ ਤੇ ਬਾਵਾ ਵੱਲੋਂ ਲੋਕ ਅਰਪਨ
ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ
ਲੁਧਿਆਣਾ (ਤਮੰਨਾ ਬੇਦੀ): ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 48ਵਾਂ ਅੰਕ ਅੱਜ ਪੰਜਾਬੀ ਲੇਖਕ ਗੁਰਬਚਨ ਸਿੰਘ ਜਗਪਾਲ (ਸਿਡਨੀ, ਆਸਟਰੇਲੀਆ), ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸ.ਪ. ਸਿੰਘ, ਸ. ਹਰਸ਼ਰਨ ਸਿੰਘ ਨਰੂਲਾ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕੇ.ਕੇ. ਬਾਵਾ ਤੇ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਮਲਹੋਤਰਾ ਨੇ ਲੋਕ ਅਰਪਨ ਕੀਤਾ।
ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸਭ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਦੱਸਿਆ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੁਨਰ ਪ੍ਰਕਾਸ਼ਿਤ ਇਸ ਪੱਤ੍ਰਿਕਾ ਦਾ 48ਵਾਂ ਅੰਕ ਪਾਠਕਾਂ ਦੇ ਸਨਮੁਖ ਪੇਸ਼ ਕਰਦਿਆਂ ਉਨ੍ਹਾਂ ਨੂੰ ਅਥਾਹ ਖੁਸ਼ੀ ਹੈ। ਉਨ੍ਹਾਂ ਨੇ ਆਸਟ੍ਰੇਲੀਆ ਤੋਂ ਆਏ ਲੇਖਕ ਸ. ਗੁਰਬਚਨ ਸਿੰਘ ਜਗਪਾਲ ਦੇ ਸਿਰਜਣਾ ਸਫ਼ਰ ਬਾਰੇ ਪਾਠਕਾਂ ਨੂੰ ਜਾਣੂ ਕਰਵਾਇਆ।
ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਲੇਖਕ ਗੁਰਬਚਨ ਸਿੰਘ ਜਗਪਾਲ ਲੰਮੇ ਸਮੇਂ ਤੋਂ ਨਿਰੰਤਰ ਪੰਜਾਬੀ ਸਾਹਿਤ ਸਿਰਜਣਾ ਨਾਲ ਜੁੜੇ ਹੋਏ ਹਨ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਇਸ ਕਾਲਜ ਵਿੱਚ ਆਉਣ ਨੂੰ ਮੁਕੱਦਸ ਜ਼ਿਆਰਤ ਦਾ ਰੁਤਬਾ ਦਿੱਤਾ।
ਗੁਰਬਚਨ ਸਿੰਘ ਜਗਪਾਲ ਨੇ ਆਪਣੇ ਸਾਹਿਤਕ ਤੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ। ਆਪਣੀ ਪਹਿਲੀ ਕਹਾਣੀ ‘ਇਹ ਕੀ’ ਤੋਂ ਬਾਅਦ ਉਨ੍ਹਾਂ ਨੇ ‘ਬੇਨਾਮ ਲੋਕਾਂ ਦੀਆਂ ਬੇਨਾਮ ਕਹਾਣੀਆਂ’ ਪੁਸਤਕ ਪਾਠਕਾਂ ਦੇ ਰੂ-ਬ-ਰੂ ਕੀਤੀ।
ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਰਸਮੀ ਤੌਰ ’ਤੇ ਸਭ ਦਾ ਧੰਨਵਾਦ ਕੀਤਾ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ, ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਸ. ਹਰਦੀਪ ਸਿੰਘ ਮੈਂਬਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਡਾ. ਗੁਰਇਕਬਾਲ ਸਿੰਘ, ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ , ਸ਼ਾਇਰ ਤ੍ਰੈਲੋਚਨ ਲੋਚੀ, ਡਾ. ਗੁਰਚਰਨ ਕੌਰ ਕੋਚਰ, ਡਾ. ਦਲੀਪ ਸਿੰਘ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਮਨਜੀਤ ਸਿੰਘ, ਪ੍ਰੋ. ਰਿਸ਼ੂ ਜੈਨ, ਪ੍ਰੋ. ਅਨੁਪ੍ਰਿਆ ਜੈਨ, ਡਾ. ਬਲਕਾਰ ਸਿੰਘ, ਡਾ. ਪਰਮਜੀਤ ਸਿੰਘ, ਡਾ. ਹਰਮਨਪ੍ਰੀਤ ਸਿੰਘ ਗਰਚਾ ਤੇ ਸ. ਰਾਜਿੰਦਰ ਸਿੰਘ ਸੰਧੂ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਕੀਤਾ।
