ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧੀ.

*ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ — ਸਿਹਤ ਮੰਤਰੀ* 

 *ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਡਾ. ਬਲਬੀਰ ਸਿੰਘ* 

ਖੰਨਾ /ਚੰਡੀਗੜ੍ਹ 25 ਜੁਲਾਈ (ਮਨਜੀਤ ਸਿੰਘ ਧੀਮਾਨ )--ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ  ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ  ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090  ਹੋ ਗਈ ਹੈ।ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣ। ਇਸੇ ਮੰਤਵ ਤਹਿਤ ਇਹ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਲੰਬੀਆਂ ਦੂਰੀਆਂ ਤੈਅ ਨਾ ਕਰਨੀਆਂ ਪੈਣ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ , ਸਿਖਲਾਈ ਪ੍ਰਾਪਤ  ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਜਾਂਚਾਂ, ਸਲਾਹ ਅਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਹੋ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਗੁਣਵੱਤਾ ਭਰੀਆਂ ਅਤੇ ਆਧੁਨਿਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ, ਜਦਕਿ ਸਰਕਾਰੀ ਸਿਹਤ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਵੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੋੜ ਅਨੁਸਾਰ ਹੋਰ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਬਿਹਤਰ ਇਲਾਜ ਮਿਲ ਸਕੇ। ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੀ ਹੈ।
ਇਸ ਮੌਕੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ ,ਐਮ ਸੀ ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਿਲ ਸਰਜਨ ਡਾ.   ਸ਼ੈਲੀ ਜੇਟਲੀ, ਐਸ ਐਮ ਓ ਤ੍ਰਿਪੜੀ ਡਾ. ਪਰਨੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੋਜੂਦ ਸਨ।