ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਕੀਤਾ ਯਾਦ .

*ਆਰ.ਡੀ.ਐੱਫ ਦਾ ਪੈਸਾ ਰੋਕ ਕੇ ਕੇਂਦਰ ਸਰਕਾਰ ਦੀ ਪੰਜਾਬ ਅਤੇ ਕਿਸਾਨੀ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਵਾਂਗੇ : ਹਰਪਾਲ ਸਿੰਘ ਚੀਮਾ* 

*ਸ਼ਿਵਰਾਜ ਚੌਹਾਨ ਦੇ ਦਾਅਵੇ ਨੂੰ ਦੱਸਿਆ ਗਲਤ, ਕਿਹਾ—‘ਅੱਜ ਤੱਕ ਆਰ.ਡੀ.ਐੱਫ ਦਾ ਇੱਕ ਵੀ ਪੈਸਾ ਪੰਜਾਬ ਨੂੰ ਜਾਰੀ ਨਹੀਂ ਹੋਇਆ’*

*ਹਵਾਰਾ ਨੂੰ ਮਨੁੱਖੀ ਆਧਾਰ ’ਤੇ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ; ਰਾਜਾ ਵੜਿੰਗ ਦੇ ਮੁਫ਼ਤ ਰੇਤ ਵਾਲੇ ਵਾਅਦੇ ’ਤੇ ਵੀ ਚੁੱਕੇ ਸਵਾਲ*

*ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੂਲ ’ਚ ਸਿਆਸੀ ਰੈਲੀ ਅਤੇ ਕਾਂਗਰਸ ਵੱਲੋਂ ਸ਼ਹੀਦੀ ਧਰਤੀ ’ਤੇ ਸਿਆਸੀ ਗੱਲਾਂ ਕਰਨ ਦਾ ਵੀ ਕੀਤਾ ਵਿਰੋਧ*

ਈਸੜੂ, ਖੰਨਾ, 15 ਅਗਸਤ (ਵਾਸੂ ਜੇਤਲੀ) : ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਅੱਜ ਪਿੰਡ ਈਸੜੂ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਕੇਂਦਰ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਦੀ ਪ੍ਰੈਸ ਕਾਨਫਰੰਸ ਵਿੱਚ ਆਰ.ਡੀ.ਐੱਫ ਦੀ ਰਕਮ, ਜਗਤਾਰ ਸਿੰਘ ਹਵਾਰਾ ਦੀ ਪੈਰੋਲ,  ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਦੀ ਦੁਰਵਰਤੋਂ ਅਤੇ ਸ਼ਹੀਦੀ ਸਮਾਗਮਾਂ ਦੀ ਸਿਆਸੀ ਵਰਤੋਂ ਵਰਗੇ ਮੁੱਦੇ ਪ੍ਰਮੁੱਖ ਰਹੇ।

ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਅਤੇ ਲੋਕਾਂ ਦੇ ਹੱਕਾਂ ਲਈ ਅਨੇਕਾਂ‌ ਕੁਰਬਾਨੀਆਂ ਦਿੱਤੀਆਂ ਹਨ। ਸ਼ਹੀਦਾਂ ਦੀ ਸੋਚ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੀ ਕੁਰਬਾਨੀ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਦੇਣਾ ਸਾਡੀ ਜ਼ਿੰਮੇਵਾਰੀ ਹੈ।

*ਆਰ.ਡੀ.ਐੱਫ ’ਤੇ ਸ਼ਿਵਰਾਜ ਚੌਹਾਨ ਦੇ ਦਾਅਵੇ ਦਾ ਤਿੱਖਾ ਖੰਡਨ*

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਬੀਤੇ ਦਿਨ ਪੰਜਾਬ ਦੇ ਆਰ.ਡੀ.ਐੱਫ ਦਾ ਕੇਂਦਰ ਸਰਕਾਰ ਵੱਲ ਕੋਈ ਬਕਾਇਆ ਨਾ ਹੋਣ ਦੇ ਕੀਤੇ ਦਾਅਵੇ ’ਤੇ ਹਰਪਾਲ ਸਿੰਘ ਚੀਮਾ ਨੇ ਤਿੱਖਾ ਪ੍ਰਤੀਕਰਮ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦਾ ਇਹ ਦਾਅਵਾ ਤੱਥਾਂ ਦੇ ਉਲਟ ਹੈ ਅਤੇ ਪੰਜਾਬ ਨੂੰ ਗੁੰਮਰਾਹ ਕਰਨ ਵਾਲਾ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰ.ਡੀ.ਐੱਫ ਦੇ ਪੈਸੇ ਲਈ ਕੇਂਦਰ ਸਰਕਾਰ ਕੋਲ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਉਹ ਖੁਦ ਅਤੇ ਪੰਜਾਬ ਦੇ ਕਈ ਮੰਤਰੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਘੱਟੋ-ਘੱਟ 10 ਵਾਰ ਮੁਲਾਕਾਤਾਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਕਾਤਾਂ ਦੌਰਾਨ ਆਰ.ਡੀ.ਐੱਫ ਦੀ ਰਕਮ ਜਾਰੀ ਕਰਨ ਦਾ ਮੁੱਦਾ ਵਾਰ-ਵਾਰ ਉਠਾਇਆ ਗਿਆ।

ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਹੁਣ ਭਾਜਪਾ ਵਿੱਚ ਹਨ, ਨੂੰ ਨਾਲ ਲੈ ਕੇ ਵੀ ਕੇਂਦਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਦੇ ਬਾਵਜੂਦ ਅੱਜ ਤੱਕ ਆਰ.ਡੀ.ਐੱਫ ਦਾ ਇੱਕ ਵੀ ਪੈਸਾ ਪੰਜਾਬ ਨੂੰ ਜਾਰੀ ਨਹੀਂ ਕੀਤਾ ਗਿਆ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦਾ ਪੈਸਾ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਆਰ.ਡੀ.ਐੱਫ ਦੀ ਰਕਮ ਪੰਜਾਬ ਦੀਆਂ ਮੰਡੀਆਂ, ਪੇਂਡੂ ਬੁਨਿਆਦੀ ਢਾਂਚੇ ਅਤੇ ਕਿਸਾਨਾਂ ਦੀ ਭਲਾਈ ਲਈ ਵਰਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਹ ਪੈਸਾ ਰੋਕਣਾ ਪੰਜਾਬ ਦੀ ਕਿਸਾਨੀ ਅਤੇ ਪੇਂਡੂ ਅਰਥਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲਾ ਕਦਮ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੇ ਇਸ ਰਵੱਈਏ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ।

*ਹਵਾਰਾ ਦੀ 10 ਦਿਨਾਂ ਦੀ ਪੈਰੋਲ ਲਈ ਕੇਂਦਰ ਨੂੰ ਅਪੀਲ*

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਬਾਰੇ ਪੁੱਛੇ ਸਵਾਲ ’ਤੇ ਚੀਮਾ ਨੇ ਕਿਹਾ ਕਿ ਸਰਕਾਰ ਨੇ ਇਹ ਮਾਮਲਾ ਮਨੁੱਖੀ ਆਧਾਰ ’ਤੇ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਅੜੀਅਲ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਅਤੇ ਮਨੁੱਖੀ ਆਧਾਰ ’ਤੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣੀ ਚਾਹੀਦੀ। 

*ਰਾਜਾ ਵੜਿੰਗ ਦੇ ਮੁਫ਼ਤ ਰੇਤ ਦੇ ਵਾਅਦੇ ’ਤੇ ਹਰਪਾਲ ਚੀਮਾ ਦਾ ਸਵਾਲ*

ਕਾਂਗਰਸ ਵੱਲੋਂ ਸਰਕਾਰ ਬਣਨ ’ਤੇ ਲੋਕਾਂ ਨੂੰ ਮੁਫ਼ਤ ਰੇਤ ਦੇਣ ਦੇ ਦਾਅਵੇ ਬਾਰੇ ਪੁੱਛੇ ਸਵਾਲ ’ਤੇ ਹਰਪਾਲ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੀਆਂ ਸਰਕਾਰਾਂ ਪੰਜਾਬ ਵਿੱਚ ਰਹੀਆਂ ਤਾਂ ਉਸ ਸਮੇਂ ਲੋਕਾਂ ਨੂੰ ਮੁਫ਼ਤ ਰੇਤ ਕਿਉਂ ਨਹੀਂ ਦਿੱਤੀ ਗਈ। ਉਸ ਸਮੇਂ ਤਾਂ ਨਸ਼ਾ, ਰੇਤ, ਟਰਾਂਸਪੋਰਟ ਆਦਿ ਮਾਫ਼ੀਆ ਪੈਦਾ ਹੋਏ। 

ਉਨ੍ਹਾਂ ਕਿਹਾ ਕਿ ਹੁਣ ਚੋਣਾਂ ਨੇੜੇ ਆਉਂਦਿਆਂ ਵੱਡੇ-ਵੱਡੇ ਵਾਅਦੇ ਕਰਨ ਦੀ ਬਜਾਏ ਕਾਂਗਰਸ ਨੂੰ ਆਪਣੇ ਪਿਛਲੇ ਕਾਰਜਕਾਲ ਦਾ ਹਿਸਾਬ ਦੇਣਾ ਚਾਹੀਦਾ ਹੈ।

*ਸ਼੍ਰੋਮਣੀ ਕਮੇਟੀ ਦੇ ਸਕੂਲ ’ਚ ਅਕਾਲੀ ਦਲ ਦੀ ਰੈਲੀ ’ਤੇ ਵੀ ਸਵਾਲ*

ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੂਲ ਵਿੱਚ ਕੀਤੀ ਗਈ ਸਿਆਸੀ ਰੈਲੀ ’ਤੇ ਵੀ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਸਰੋਤਾਂ ਨੂੰ ਸ਼ੁਰੂ ਤੋਂ ਹੀ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਵਰਤਿਆ ਗਿਆ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਸਿੱਖ ਸੰਗਤ ਦੀਆਂ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਹਿੱਤਾਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਚੀਮਾ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤ ਵਿੱਚ ਪਹਿਲਾਂ ਹੀ ਰੋਸ ਹੈ ਅਤੇ ਲੋਕ ਇਸਦਾ ਜਵਾਬ ਦੇਣਗੇ।

*ਕਿਸੇ ਪਾਰਟੀ ਨੇ ਈਸੜੂ ਪਿੰਡ ਦਾ ਵਿਕਾਸ ਨਹੀਂ ਕੀਤਾ, ਸਿਰਫ਼ ਸਿਆਸੀ ਰੋਟੀਆਂ ਸੇਕੀਆਂ*

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ ਵਿਰੋਧੀ ਪਾਰਟੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਸੂਬਾ ਪੱਧਰੀ ਸਮਾਗਮਾਂ ਅਤੇ ਵੱਡੀਆਂ ਰੈਲੀਆਂ ’ਤੇ ਸਰਕਾਰੀ ਖਰਚੇ ਨਾਲ ਲੱਖਾਂ ਰੁਪਏ ਖਰਚ ਕਰਦੀਆਂ ਰਹੀਆਂ, ਪਰ ਪਿੰਡ ਦੇ ਵਿਕਾਸ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਗਿਆ।

ਮੰਤਰੀ ਸੌਂਦ ਨੇ ਕਿਹਾ ਕਿ ਪਹਿਲਾਂ ਈਸੜੂ ਵਿੱਚ ਨਾ ਸਿਹਤ ਸਹੂਲਤ ਸੀ ਅਤੇ ਨਾ ਹੀ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਿਆ ਗਿਆ, ਲਾਇਬ੍ਰੇਰੀ ਬਣਾਈ ਗਈ, ਸੀਵਰੇਜ ਦੀ ਸਮੱਸਿਆ ਹੱਲ ਕੀਤੀ ਗਈ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਅੱਜ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੇ ਸਕੂਲ ਵਿੱਚ ਸਿਆਸੀ ਰੈਲੀ ਕਰ ਰਿਹਾ ਹੈ ਅਤੇ ਦੂਜੇ ਪਾਸੇ ਕਾਂਗਰਸ ਵੱਲੋਂ ਵੀ ਸ਼ਹੀਦੀ ਸਮਾਗਮ ਨੂੰ ਰਾਜਨੀਤਕ ਰੈਲੀ ਦਾ ਨਾਮ ਦਿੱਤਾ ਗਿਆ ਹੈ। ਇਹ ਸ਼ਹੀਦਾਂ ਦਾ ਅਪਮਾਨ ਹੈ। ਮੰਤਰੀ ਸੌਂਦ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਨੂੰ ਸਿਆਸੀ ਮੰਚ ਬਣਾਉਣਾ ਠੀਕ ਨਹੀਂ ਅਤੇ ਸ਼ਹੀਦਾਂ ਦੇ ਨਾਮ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ।