ਨਿਯੁਕਤੀ ਪੱਤਰ ਸੌਂਪੇ.

*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 28 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ*

*ਪੰਜਾਬ ਸਰਕਾਰ ਵੱਲੋਂ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਰੈਗੂਲਰ ਨੌਕਰੀਆਂ ਦਿੱਤੀਆਂ: ਤਰੁਨਪ੍ਰੀਤ ਸਿੰਘ ਸੌਂਦ*

ਖੰਨਾ/ਲੁਧਿਆਣਾ, 20 ਅਗਸਤ (ਵਿਜੇ)  : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਦੇ ਆਧਾਰ ’ਤੇ ਰੈਗੂਲਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ, ਖੰਨਾ ਵਿਖੇ 28 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਮੈਰਿਟ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

ਸ੍ਰੀ ਸੌਂਦ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਮਜ਼ਬੂਤੀ ਉਸ ਦੇ ਬੱਚਿਆਂ ਦੇ ਸਿਹਤਮੰਦ ਅਤੇ ਸੁਚੱਜੇ ਵਿਕਾਸ ਨਾਲ ਜੁੜੀ ਹੁੰਦੀ ਹੈ। ਆਂਗਣਵਾੜੀ ਕੇਂਦਰ ਬੱਚਿਆਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਮੁੱਢਲੇ ਵਿਕਾਸ ਨਾਲ ਸਬੰਧਤ ਸਹੂਲਤਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਦੀ ਜ਼ਿੰਮੇਵਾਰੀ ਹੋਰ ਵੀ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਹੈਲਪਰ ਆਪਣੀ ਨੌਕਰੀ ਨੂੰ ਕੇਵਲ ਰੋਜ਼ਗਾਰ ਦਾ ਸਾਧਨ ਨਾ ਸਮਝਣ, ਸਗੋਂ ਇਸ ਨੂੰ ਸਮਾਜ ਸੇਵਾ ਦੇ ਮਹੱਤਵਪੂਰਨ ਮੌਕੇ ਵਜੋਂ ਨਿਭਾਉਣ। ਉਨ੍ਹਾਂ ਨੂੰ ਸਰਕਾਰ ਦੀਆਂ ਮਹਿਲਾ ਅਤੇ ਬਾਲ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।

ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ’ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਬੱਚਿਆਂ ਅਤੇ ਮਹਿਲਾਵਾਂ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ’ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਧੰਨਵਾਦ ਪ੍ਰਗਟਾਇਆ।

ਇਸ ਮੌਕੇ ਐਸ.ਡੀ.ਐਮ ਸਵਾਤੀ ਟਿਵਾਣਾ, ਸੀ.ਡੀ.ਪੀ.ਓ ਸੁਖਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਅਤੇ ਮੀਤ ਪ੍ਰਧਾਨ ਕਰਮਜੀਤ ਸਿੰਘ ਸਿਫ਼ਤੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।