500 ਡਰੋਨਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਫਲਸਫੇ ਦੀ ਪੇਸ਼ਕਾਰੀ .
*ਪੀ.ਏ.ਯੂ. ਲੁਧਿਆਣਾ ਵਿਖੇ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਦੀ ਸ਼ਾਨਦਾਰ ਪੇਸ਼ਕਾਰੀ ਹੋਈ*
*ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਨੇ ਸੰਗਤਾਂ ਦਾ ਮਨ ਮੋਹਿਆ*
*ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਵਿਸ਼ੇਸ਼ ਉਪਰਾਲਾ : ਵਿਧਾਇਕ ਸਿੱਧੂ, ਸੰਗੋਵਾਲ, ਬੱਗਾ*
*ਲੁਧਿਆਣਾ ਤੋਂ ਬਾਅਦ ਦਾਖਾ, ਰਾਏਕੋਟ ਅਤੇ ਜਗਰਾਉਂ ਵਿਖੇ ਹੋਣਗੇ ਡਰੋਨ ਸ਼ੋਅ*
ਲੁਧਿਆਣਾ, 19 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸ਼ਨੀਵਾਰ ਸ਼ਾਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਐਥਲੈਟਿਕ/ਫੁੱਟਬਾਲ ਗਰਾਊਂਡ ਵਿਖੇ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਅਸਮਾਨ ਵਿੱਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਸਰਬ-ਸਾਂਝੇ ਫ਼ਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ।
ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਵਿਲੱਖਣ ਸੁਮੇਲ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਨਿਹਾਰਿਆ। ਡਰੋਨਾਂ ਰਾਹੀਂ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਪੇਸ਼ ਕੀਤਾ ਗਿਆ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਚੌਧਰੀ ਮਦਨ ਲਾਲ ਬੱਗਾ, ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਤਿੰਦਰ ਖੰਗੂੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ, ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ) ਸਮਰਾਲਾ ਗੁਰਸਿਮਰਨਜੀਤ ਕੌਰ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ) ਮਨਕੰਵਲ ਚਾਹਲ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।
ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਤਾਂ ਜੋ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਗੁਰੂ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਬਰਾਬਰੀ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਦਕਿ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਗੁਰੂ ਜੀ ਦੇ ਸਰਬ-ਸਾਂਝੇ ਫ਼ਲਸਫ਼ੇ ਅਤੇ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਸਾਰ ਕਰਨਾ ਹੈ।
ਉਹਨਾਂ ਨੇ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ।
ਉਹਨਾਂ ਦੱਸਿਆ ਕਿ ਲੁਧਿਆਣਾ ਤੋਂ ਬਾਅਦ 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ, 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ।
