ਖੇਡਾਂ ਵਤਨ ਪੰਜਾਬ ਦੀਆਂ.

ਖੇਡਾਂ ਵਤਨ ਪੰਜਾਬ ਦੀਆਂ: ਆਸ਼ਾ ਸੈਣੀ ਨੇ ਸ਼ੂਟਿੰਗ ਵਿੱਚ ਮੁੜ ਜਿੱਤਿਆ ਗੋਲਡ ਮੈਡਲ

ਮੋਹਾਲੀ/ਚੰਡੀਗੜ੍ਹ, 24 ਨਵੰਬਰ। ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਹਾਲੀ ਵਿਖੇ ਹੋਏ ਰਾਜ ਪੱਧਰੀ ਸ਼ੂਟਿੰਗ ਮੁਕਾਬਲੇ ਵਿੱਚ ਆਸ਼ਾ ਸੈਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਵਰਗ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਇਹ ਆਖਰੀ ਪੜਾਅ ਸੀ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਮੋਹਾਲੀ ਜ਼ਿਲ੍ਹਾ ਪੱਧਰ ’ਤੇ ਹੋਏ 10 ਮੀਟਰ ਸ਼ੂਟਿੰਗ ਮੁਕਾਬਲੇ ਵਿੱਚ ਵੀ ਆਸ਼ਾ ਸੈਣੀ ਨੇ ਸੋਨੇ ਦਾ ਤਮਗਾ ਜਿੱਤਿਆ ਸੀ।

ਨਿਊ ਚੰਡੀਗੜ੍ਹ ਦੇ ਈਕੋਸਿਟੀ-1 ਦੀ ਵਸਨੀਕ ਆਸ਼ਾ ਸੈਣੀ ਪੰਜਾਬ ਪੁਲਿਸ ਦੇ ਮੁੱਖ ਦਫ਼ਤਰ ਵਿਖੇ ਲੀਗਲ ਸੈੱਲ ਵਿੱਚ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਸ਼ੂਟਿੰਗ ਵਿੱਚ ਮੁਹਾਰਤ ਹਾਸਲ ਕਰਨ ਲਈ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ਦੇ ਕੋਚ ਬਾਬੂ ਰਾਮ ਦੀ ਦੇਖ-ਰੇਖ ਹੇਠ ਸਿਖਲਾਈ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸ਼ਨ ਲਈ ਉਹ ਲਗਾਤਾਰ ਸ਼ੂਟਿੰਗ ਰੇਂਜ ਵਿੱਚ ਅਭਿਆਸ ਕਰਦੇ ਰਹਿੰਦੇ ਹਨ।

ਨੌਕਰੀ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ ਅਭਿਆਸ ਲਈ ਸਮਾਂ ਕੱਢਣ ਬਾਰੇ ਉਨ੍ਹਾਂ ਦੱਸਿਆ ਕਿ ਬਿਹਤਰ ਪ੍ਰਦਰਸ਼ਨ ਲਈ ਖਾਲੀ ਸਮੇਂ ਦੇ ਨਾਲ-ਨਾਲ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਨਿਯਮਿਤ ਤੌਰ ’ਤੇ ਅਭਿਆਸ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਨੌਕਰੀ ਸ਼ੁਰੂ ਕਰਨ ਦੇ ਸਮੇਂ ਤੋਂ ਹੀ ਉਹ ਲਗਾਤਾਰ ਸ਼ੂਟਿੰਗ ਦਾ ਅਭਿਆਸ ਕਰ ਰਹੇ ਹਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਕੁਲਦੀਪ ਸਿੰਘ ਸੈਣੀ ਦੀ ਪਤਨੀ ਆਸ਼ਾ ਸੈਣੀ ਨੇ ਕਿਹਾ ਕਿ ਰਾਜ ਪੱਧਰੀ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦਾ ਪਲ ਹੈ। ਜ਼ਿਕਰਯੋਗ ਹੈ ਕਿ ਜੁਲਾਈ ਮਹੀਨੇ ਵਿੱਚ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਮੋਹਾਲੀ ਵਿਖੇ ਕਰਵਾਈ ਗਈ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਵੀ ਆਸ਼ਾ ਸੈਣੀ ਨੇ ਗੋਲਡ ਮੈਡਲ ਜਿੱਤਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਦਾ ਆਯੋਜਨ 5 ਸਤੰਬਰ ਤੋਂ 29 ਨਵੰਬਰ 2026 ਤੱਕ ਕੀਤਾ ਜਾ ਰਿਹਾ ਹੈ।