ਡੀ.ਸੀ. ਜੋਰਵਾਲ ਨੇ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਲਈ ਵਚਨਬੱਧਤਾ ਦੁਹਰਾਈ.
*-ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚ 1.25 ਲੱਖ ਮੀਟਰਿਕ ਟਨ ਝੋਨੇ ਦੀ ਆਮਦ*
ਲੁਧਿਆਣਾ, 16 ਅਕਤੂਬਰ (ਇੰਦਰਜੀਤ) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਇੱਕ-ਇੱਕ ਦਾਣੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਦਾਣਾ ਮੰਡੀਆਂ ਵਿੱਚੋਂ ਤੁਰੰਤ ਚੁਕਾਈ ਜਾਵੇ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਕੁੱਲ 125590.1 ਮੀਟ੍ਰਿਕ ਟਨ ਝੋਨੇ ਦੀ ਮੰਡੀਆਂ ਵਿੱਚ ਆਮਦ ਹੋਈ ਹੈ, ਜਿਸ ਵਿੱਚੋਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਸਮੇਤ ਵੱਖ-ਵੱਖ ਏਜੰਸੀਆਂ ਵੱਲੋਂ 107891.3 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ 218.7 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।