*ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 'ਚ ਗਲੀਆਂ ਦੇ ਪੁਨਰਨਿਰਮਾਣ ਕਾਰਜਾਂ ਦਾ ਉਦਘਾਟਨ.

 

ਲੁਧਿਆਣਾ, 22 ਨਵੰਬਰ (ਇੰਦ੍ਰਜੀਤ) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਸ਼ਾਮ ਕਲੋਨੀ, ਨੇਤਾਜੀ ਨਗਰ ਸਟਰੀਟ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।


ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 45 ਲੱਖ ਰੁਪਏ ਖਰਚ ਕੀਤੇ ਜਾਣਗੇ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।


ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਵਾਰਡ ਨੰਬਰ 94 ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।