- ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਦਾਣਾ ਮੰਡੀ ਜਗਰਾਉਂ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ.
ਜ਼ਿਲ੍ਹਾ ਲੁਧਿਆਣਾ ਦੀ ਹਰੇਕ ਅਨਾਜ਼ ਮੰਡੀ ਵਿੱਚ ਝੋਨਾ ਖਰੀਦ ਕੇ ਤੁਰੰਤ ਚੁੱਕਿਆ ਜਾਵੇਗਾ :- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
- ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ
ਜਗਰਾਉਂ/ਲੁਧਿਆਣਾ, 8 ਅਕਤੂਬਰ (ਵਾਸੂ ਜੇਤਲੀ) - ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸੇ ਵੀ ਕਿਸਾਨ ਨੂੰ ਅਨਾਜ਼ ਮੰਡੀ ਵਿੱਚ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਹਰੇਕ ਅਨਾਜ ਮੰਡੀ ਵਿੱਚ ਝੋਨਾ ਖਰੀਦ ਕੇ ਤੁਰੰਤ ਚੁੱਕਿਆ ਜਾਵੇਗਾ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਅਨਾਜ਼ ਮੰਡੀ ਜਗਰਾਉਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਅਨਾਜ਼ ਮੰਡੀਆਂ ਵਿੱਚ ਸਖ਼ਤ ਨਜ਼ਰ ਰੱਖੀ ਜਾਵੇ ਕਿ ਕੋਈ ਵੀ ਝੋਨਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੋ ਹੇਠਾਂ ਨਾ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਸਾਰੇ ਮਸਲਿਆਂ ਦਾ ਹੱਲ ਹੋ ਚੁੱਕਾ ਹੈ ਅਤੇ ਇਸ ਝੋਨੇ ਦੇ ਸੀਜ਼ਨ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਏ ਵੀ ਪੂਰੀ ਤਰ੍ਹਾਂ ਸੰਤੁਸ਼ਟ ਹਨ। ਮਜ਼ਦੂਰਾਂ ਦੇ ਮਜ਼ਦੂਰੀ ਸਬੰਧੀ ਰੇਟ ਨੂੰ ਲੈ ਕੇ ਜੋ ਮਸਲੇ ਸਨ, ਉਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਵੀ ਸਰਕਾਰ ਵੱਲੋ ਮਜ਼ਦੂਰਾਂ ਦੀ 40 ਪੈਸੇ ਮਜ਼ਦੂਰੀ ਵਧਾ ਕੇ ਹੱਲ ਕਰ ਦਿੱਤੇ ਹਨ।
ਇਸ ਦੌਰਾਨ ਖਰੀਦ ਪ੍ਰਬੰਧਾਂ ਦਾ ਜਿਕਰ ਕਰਦਿਆਂ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸੀਜ਼ਨ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਲਗਭਗ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਸ਼ੈੱਡ, ਪਖਾਨੇ, ਫਲੱਡ ਲਾਈਟਾਂ ਆਦਿ ਦਾ ਢੁੱਕਵਾਂ ਪ੍ਰਬੰਧ ਅੰਨਦਾਤਾ ਦੀ ਸਹੂਲਤ ਲਈ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਚਲੀ ਜਾਵੇਗੀ। ਉਹਨਾਂ ਕਿਹਾ ਕਿ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਲਗਾਤਾਰ ਹੁੰਦੀ ਰਹੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਉਹ ਵੀ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਸਰਕਾਰੀ ਖਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀ ਕੁਲਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਸਿਮਰਦੀਪ ਸਿੰਘ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਮੈਡਮ ਗੀਤਾ ਬਿਸ਼ਬੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।