ਭਗਵਾਨ ਵਾਲਮੀਕਿ ਜੀ ਵੱਲੋ ਮਾਨਵਤਾ ਦੀ ਭਲਾਈ ਲਈ ਵਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ : ਕੈਬਨਿਟ ਮੰਤਰੀ ਸੌਂਦ ਅਤੇ ਮੁੰਡੀਆਂ .

 

 


ਕੈਬਨਿਟ ਮੰਤਰੀਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਇਕ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਪਵਿੱਤਰ ਧਾਰਮਿਕ ਗ੍ਰੰਥ ਰਮਾਇਣ ਦੀ ਰਚਨਾ ਕੀਤੀ


ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ 


ਕੈਬਨਿਟ ਮੰਤਰੀ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਲੁਧਿਆਣਾ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵੱਜੋਂ ਹੋਏ ਸ਼ਾਮਲ 


ਲੁਧਿਆਣਾ, 16 ਅਕਤੂਬਰ (ਇੰਦਰਜੀਤ/ ਵਾਸੂ ਜੇਤਲੀ) : ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨੇ ਭਗਵਾਨ ਵਾਲਮੀਕਿ ਜੀ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਉਹਨਾਂ ਵੱਲੋ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਲਈ ਵਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ ਤਾਂ ਜ਼ੋ ਇਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ, ਜਿਸ ਵਿਚ ਹਰ ਇਕ ਵਿਅਕਤੀ ਨੂੰ ਤਰੱਕੀ ਕਰਨ ਦੇ ਬਰਾਬਰ ਦੇ ਮੌਕੇ ਮਿਲ ਸਕਣ।


ਦੋਵੇਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ੍ਰੀ ਹਰਦੀਪ ਸਿੰਘ ਮੁੰਡੀਆ ਨੇ ਬੁੱਧਵਾਰ ਨੂੰ ਸਥਾਨਕ ਦਰੇਸੀ ਗਰਾਊਂਡ ਵਿਖੇ ਵਾਲਮੀਕਿ ਸਮਾਜ ਵੱਲੋਂ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਕੱਢੀ ਗਈ 35ਵੀ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀ ਦਲਜੀਤ ਸਿੰਘ ਗਰੇਵਾਲ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਰਜੀਤ ਬੈਂਸ ਅਤੇ ਵਾਲਮੀਕ ਸਮਾਜ ਨਾਲ ਸਬੰਧਤ ਆਗੂ ਵੀ ਮੌਜੂਦ ਸਨ।


ਕੈਬਨਿਟ ਮੰਤਰੀਆਂ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਇੱਕ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਪਵਿੱਤਰ ਧਾਰਮਿਕ ਗ੍ਰੰਥ ਰਮਾਇਣ ਦੀ ਰਚਨਾ ਕੀਤੀ, ਜੋ ਮੁੱਢ ਕਦੀਮ ਤੋਂ ਹੀ ਮਾਨਵ ਜਾਤੀ ਨੂੰ ਚੰਗੇਰੇ ਜੀਵਨ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਉੱਚਾ ਅਤੇ ਸੁੱਚਾ ਰੱਖਣ ਦੀ ਪ੍ਰੇਰਨਾਂ ਦਿੰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਇਹ ਪਵਿੱਤਰ ਧਾਰਮਿਕ ਗ੍ਰੰਥ ਜਿਥੇ ਸਾਨੂੰ ਵੱਡਿਆਂ ਦੀ ਪਾਲਣਾਂ ਅਤੇ ਜੁਲਮ ਦਾ ਟਾਕਰਾ ਕਰਨ ਦਾ ਸੰਦੇਸ਼ ਦਿੰਦਾ ਹੈ, ਉਥੇ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ ਕਰਨ ਦੀ ਵੀ ਪ੍ਰੇਰਨਾ ਦਿੰਦਾ ਹੈ। ਉਹਨਾ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਧਰਤੀ ਤੇ ਸਭ ਤੋਂ ਪਹਿਲਾਂ ਅਹਿੰਸਾ ਦਾ ਪਾਠ ਪੜ੍ਹਾਇਆ ਅਤੇ ਮਨੁੱਖੀ ਭਾਈਚਾਰੇ ਅਤੇ ਆਪਸੀ ਸਦਭਾਵਨਾ ਕਾਇਮ ਰੱਖਣ ਲਈ ਸਮੁੱਚੀ ਮਾਨਵਤਾ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਵਜੋ ਜਾਣੇ ਜਾਂਦੇ ਹਨ ਅਤੇ ਉਹ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ ਹੀ ਭਗਵਾਨ ਨਹੀ ਸਨ, ਸਗੋ ਸਾਰੇ ਵਰਗਾਂ ਵਲੋ ਉਹਨਾਂ ਦਾ ਸਤਿਕਾਰ ਕੀਤਾ ਜਾਂਦਾ ਹੈ।